ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇ ਸ਼ਹੀਦੀ ਦਿਹਾੜੇ ਮੌਕੇ ਬਦਲੇਗੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਹਾਰ - ਹਰਜੋਤ ਬੈਂਸ
- “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
ਪ੍ਰਮੋਦ ਭਾਰਤੀ
ਨੰਗਲ 08 ਜੂਨ ,2025 - ਹਿੰਦ ਦੀ ਚਾਦਰ ਨੂੰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਨਗਰੀ ਅਤੇ ਸਮੁੱਚੇ ਇਲਾਕੇ ਦੀ ਨੁਹਾਰ ਬਦਲਣ ਲਈ ਵਿਆਪਕ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਜਿਸ ਉੱਤੇ ਕਰੋੜਾਂ ਰੁਪਏ ਦੀ ਲਾਗਤ ਆਵੇਗੀ, ਜਿਸ ਦੇ ਲਈ ਵੀ ਵਿਆਪਕ ਪੱਧਰ ਤੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਨੰਗਲ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਗਰਾਮ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਨਿਰੰਤਰ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਹਿੱਤ ਦੇ ਵੱਡੇ ਫੈਸਲੇ ਲਏ ਜਾ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਮਜਬੂਤ ਸਿੱਖਿਆ ਦਾ ਢਾਂਚਾ ਤਿਆਰ ਕਰਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਸੁਧਾਰ ਦੀ ਦਿਸ਼ਾ ਵਿੱਚ ਜਿਕਰਯੋਗ ਕਦਮ ਚੁੱਕੇ ਗਏ ਹਨ।
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਪੰਜਾਬ ਵਿੱਚ ਹੁਣ ਸੰਨਤਕਾਰ ਆਪਣੀਆਂ ਉਦਯੋਗਿਕ ਇਕਾਇਆ ਸਥਾਪਿਤ ਕਰਨ ਲਈ ਰੁਚੀ ਵਿਖਾ ਰਹੇ ਹਨ। ਉਨ੍ਹਾਂ ਦੇ ਹਲਕੇ ਵਿੱਚ ਵੀ ਸੰਨਤਕਾਰਾਂ ਵੱਲੋਂ ਆਪਣੇ ਪ੍ਰੋਜੈਕਟ ਲਗਾਉਣ ਲਈ ਢੁਕਵੀ ਥਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨਾਲ ਸੈਂਕੜੇ ਨੌਜਵਾਂਨਾਂ ਨੂੰ ਰੁਜਗਾਰ ਦੇ ਅਵਸਰ ਮਿਲਣਗੇ। ਅਸੀ ਅਜਿਹੀਆਂ ਉਦਯੋਗਿਕ ਇਕਾਇਆਂ ਜੋ ਆਮ ਲੋਕਾਂ ਨੂੰ ਰੁਜਗਾਰ ਦੇ ਅਵਸਰ ਪ੍ਰਦਾਨ ਕਰਨ ਨੂੰ ਸਥਾਪਿਤ ਕਰਵਾਉਣ ਲਈ ਸੰਨਤਕਾਰਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ। ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।
ਨੰਗਲ ਵਿੱਚ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ, ਭ੍ਰਿਸ਼ਟਾਚਾਰ ਨੂੰ ਨਕੇਲ ਪਈ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਬਿਨਾ ਭੇਦਭਾਵ ਹੱਲ ਕਰ ਰਹੇ ਹਨ। ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਅਨੁਸਾਰ ਸਾਰੀਆਂ ਸਮੱਸਿਆਵਾਂ ਸਮਾਬੱਧ ਹੱਲ ਹੋਣ, ਲੋਕਾਂ ਨੂੰ ਦਫਤਰਾਂ ਵਿੱਚ ਖੱਜਲ ਖੁਆਰੀ ਨਾ ਹੋਵੇ, ਸਾਡੀ ਸਰਕਾਰ ਦਾ ਆਮ ਲੋਕਾਂ ਤੱਕ ਸੁਨੇਹਾ ਪਹੁੰਚ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਵਾਤਾਵਰਣ ਨਜ਼ਰ ਆ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Click to Follow Babushahi Facebook Page →