ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਣਾ ਬਣਾਇਆ ਜਾਵੇ ਯਕੀਨੀ : ਚੇਅਰਮੈਨ ਡਾ. ਮਲਕੀਤ ਸਿੰਘ
ਅਸ਼ੋਕ ਵਰਮਾ
ਬਠਿੰਡਾ, 2 ਜੁਲਾਈ 2025: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪੱਛੜੇ ਵਰਗਾਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ/ਯੋਜਨਾਵਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਅਤੇ ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਾ. ਮਲਕੀਤ ਸਿੰਘ ਥਿੰਦ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੱਛੜੇ ਵਰਗਾਂ ਨਾਲ ਸਬੰਧਤ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਕੈਂਪ ਆਦਿ ਲਗਾ ਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਇਨ੍ਹਾਂ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ।
ਇਸ ਮੌਕੇ ਡਾ. ਮਲਕੀਤ ਸਿੰਘ ਥਿੰਦ ਚੇਅਰਮੈਨ ਵੱਲੋਂ ਭਲਾਈ ਵਿਭਾਗ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਬੈਂਕਇੰਫੋ, ਫੂਡ ਤੇ ਸਿਵਲ ਸਪਲਾਈ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੁਆਰਾ ਪੱਛੜੇ ਵਰਗਾਂ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਸਬੰਧੀ ਪੈਂਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੱਛੜੇ ਵਰਗਾਂ, ਅਨੁਸੂਚਿਤ ਜਾਤੀ, ਜਨਜਾਤੀ ਵਰਗਾਂ ਨਾਲ ਸਬੰਧਤ ਲੋਕਾਂ ਦੀ ਭਲਾਈ ਲਈ ਗਰਾਊਂਡ ਲੈਵਲ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵਰਗਾਂ ਨਾਲ ਸਬੰਧੀ ਸ਼ਿਕਾਇਤਾਂ ਆਦਿ ਸਬੰਧੀ ਪੋਰਟਲ ਤੇ ਰੋਜ਼ਾਨਾ ਚੈਕ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਸਕੀਮਾਂ ਆਦਿ ਸਬੰਧੀ ਪੈਡੈਂਸੀ ਬਾਕੀ ਨਾ ਰਹਿ ਸਕੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ ਨੇ ਉਨ੍ਹਾਂ ਦੇ ਵਿਭਾਗ ਵੱਲੋਂ ਪੱਛੜੇ ਵਰਗ ਲਈ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਰਗਾਂ ਦੀ ਭਲਾਈ ਲਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਇਸ ਤੋਂ ਪਹਿਲਾਂ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਡਾ. ਮਲਕੀਤ ਸਿੰਘ ਥਿੰਦ ਨੇ ਪਛੜੀਆਂ ਸ਼੍ਰੇਣੀਆਂ ਵਰਗ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ।
ਇਸ ਮੌਕੇ ਐਸ.ਪੀ.ਹੈਡਕੁਆਰਟਰ ਸ੍ਰੀ ਜਗਦੀਸ਼ ਕੁਮਾਰ ਬਿਸ਼ਨੋਈ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।