ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ
— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ
— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਡਿਊਲਾਂ - ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ – ਨਾਲ ਸਬੰਧਤ ਨੌਂ ਮੁਲਜ਼ਮਾਂ ਨੂੰ 1.15 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਚੌਹਾਨ ਉਰਫ਼ ਕਾਲੂ (26) ਵਾਸੀ ਪਿੰਡ ਸੋਖਾ ਭੈਣੀ, ਬਰਨਾਲਾ; ਹਰਪ੍ਰੀਤ ਸਿੰਘ ਉਰਫ਼ ਹੈਪੀ (25) ਵਾਸੀ ਪਿੰਡ ਭੋਲੋਕੇ ਗੁਰਦਾਸਪੁਰ; ਤੇਜਬੀਰ ਸਿੰਘ ਉਰਫ਼ ਤੇਜੀ (21) ਵਾਸੀ ਪਿੰਡ ਬਸਤੀ ਲਾਲ ਸਿੰਘ ਤਰਨਤਾਰਨ; ਦਾਨਿਸ਼ ਉਰਫ਼ ਗੱਗੂ (19) ਵਾਸੀ ਦਸ਼ਮੇਸ਼ ਨਗਰ ਨਗਰ, ਅੰਮ੍ਰਿਤਸਰ; ਸਲੋਨੀ (19) ਵਾਸੀ ਕੋਟ ਖਾਲਸਾ, ਅੰਮ੍ਰਿਤਸਰ; ਜੋਬਨਪ੍ਰੀਤ ਸਿੰਘ ਉਰਫ ਜੋਬਨ (28) ਵਾਸੀ ਪਿੰਡ ਮੇਹਰਬਾਨਪੁਰਾ, ਅੰਮ੍ਰਿਤਸਰ; ਕੁਲਵਿੰਦਰ ਸਿੰਘ (28) ਵਾਸੀ ਪਿੰਡ ਕੱਕਾ, ਲੁਧਿਆਣਾ; ਅਬਦੁਲ ਰਹਿਮਾਨ (45) ਤੇ ਪਰਦੀਪ ਪਿੰਟੂ (44) ਦੋਵੇਂ ਵਾਸੀ ਕਰਨਾਟਕ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਇਸਲਾਮਾਬਾਦ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਹੋਰ ਜਾਂਚ ਜਾਰੀ ਹੈ।
ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਰਕੋ-ਆਰਮਜ਼ ਮਾਡਿਊਲ ਵਿੱਚ ਸ਼ਾਮਲ ਤਿੰਨ ਵਿਅਕਤੀਆਂ - ਜਸਪ੍ਰੀਤ, ਹਰਪ੍ਰੀਤ ਅਤੇ ਤੇਜਬੀਰ - ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲਾਂ - ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਚੀਨੀ ਪਿਸਤੌਲ - ਸਮੇਤ ਕਾਰਤੂਸ ਬਰਾਮਦ ਕੀਤੇ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ - ਜਸਪ੍ਰੀਤ ਅਤੇ ਹਰਪ੍ਰੀਤ - ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ ਅਤੇ ਮਲੇਸ਼ੀਆ ਤੇ ਪਾਕਿਸਤਾਨ ਵਿੱਚ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਦੋਸਤ ਤੇਜਬੀਰ ਨਾਲ ਅੰਮ੍ਰਿਤਸਰ ਖੇਤਰ ਵਿੱਚ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੇ ਜਾਣੇ ਸਨ।
ਇਸ ਸਬੰਧੀ ਐਫਆਈਆਰ ਨੰਬਰ 106 ਮਿਤੀ 02.07.2025 ਨੂੰ ਅੰਮ੍ਰਿਤਸਰ ਦੇ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।
ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਸਬੰਧਤ ਨਾਰਕੋ-ਹਵਾਲਾ ਨੈੱਟਵਰਕ ਵਿੱਚ ਸ਼ਾਮਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬਦੁਲ ਰਹਿਮਾਨ ਅਤੇ ਪਰਦੀਪ ਪਿੰਟੂ ਜੋ ਨਸ਼ੀਲੇ ਪਦਾਰਥਾਂ ਦੀ ਕਮਾਈ ਨੂੰ ਗੈਰ-ਕਾਨੂੰਨੀ ਚੈਨਲਾਂ ਰਾਹੀਂ ਦੁਬਈ ਭੇਜਦੇ ਸਨ, ਵੱਲੋਂ ਚਲਾਏ ਜਾ ਰਹੇ ਸੰਗਠਿਤ ਹਵਾਲਾ ਸਿੰਡੀਕੇਟ ਦਾ ਹਿੱਸਾ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਫਆਈਆਰ ਨੰਬਰ 191 ਮਿਤੀ 27.06.2025 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 29 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।