ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ: 29 ਜੁਲਾਈ ਲਈ ਹੋਇਆ ਵੱਡਾ ਐਲਾਨ
ਜਲੰਧਰ, 27 ਜੁਲਾਈ 2025 - ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਚਿਤਾਵਨੀ ਦਿੰਦੇ ਹੋਏ ਐਲਾਨ ਕਰਦੇ ਹੋਏ ਕਿਹਾ ਕਿ ਜੇ 28 ਜੁਲਾਈ ਤਕ ਮੰਗਾਂ ਦਾ ਹੱਲ ਨਾ ਹੋਇਆ ਤਾਂ 29 ਜੁਲਾਈ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਡਿਪੂ-1 ਤੋਂ ਚਾਨਣ ਸਿੰਘ ਅਤੇ ਡਿਪੂ-2 ਤੋਂ ਸਤਪਾਲ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸਰਕਾਰ ਨੂੰ ਸੱਤਾ ਵਿਚ ਆਇਆਂ 3 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਅਤੇ ਕਈ ਦੌਰ ਦੀਆਂ ਮੀਟਿੰਗਾਂ ਦੇ ਬਾਵਜੂਦ ਸਿਰਫ਼ ਭਰੋਸੇ ਦੇ ਕੇ ਸਮਾਂ ਟਾਲਣ ਦੀ ਨੀਤੀ ਅਪਣਾਈ ਜਾ ਰਹੀ ਹੈ।
ਚਾਨਣ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ 3 ਦਿਨਾਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ ਅਤੇ 9 ਜੁਲਾਈ ਨੂੰ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਟਰਾਂਸਪੋਰਟ ਮੰਤਰੀ ਅਤੇ ਵਿੱਤ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ ਗਈ। ਉਸ ਮੀਟਿੰਗ ਵਿਚ 16 ਜੁਲਾਈ ਤਕ ਵੱਖ-ਵੱਖ ਮੰਗਾਂ ਦੇ ਹੱਲ ਅਤੇ 28 ਜੁਲਾਈ ਤਕ ਸਾਰੇ ਮੁੱਦਿਆਂ ਦੇ ਨਿਪਟਾਰੇ ਦਾ ਵਾਅਦਾ ਕੀਤਾ ਗਿਆ ਸੀ। ਇਸ ਕਾਰਨ ਯੂਨੀਅਨ ਨੇ ਚੱਕਾ ਜਾਮ ਨੂੰ ਇਕ ਦਿਨ ਬਾਅਦ ਮੁਲਤਵੀ ਕਰ ਦਿੱਤਾ ਸੀ। ਚਾਨਣ ਅਤੇ ਸਤਪਾਲ ਨੇ ਕਿਹਾ ਕਿ ਇਸ ਦੇ ਬਾਵਜੂਦ 16 ਜੁਲਾਈ ਦੀ ਮੀਟਿੰਗ ਨਹੀਂ ਬੁਲਾਈ ਗਈ, ਉਥੇ ਹੀ 21 ਜੁਲਾਈ ਨੂੰ ਹੋਈ ਮੀਟਿੰਗ ਵਿਚ ਕੋਈ ਹੱਲ ਨਹੀਂ ਨਿਕਲਿਆ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਜਾਣਬੁਝ ਕੇ ਗੱਲਬਾਤ ਨੂੰ ਲੈ ਕੇ ਟਾਲ-ਮਟੋਲ ਕੀਤਾ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਆਗੂਆਂ ਵਿਚ ਰਣਜੀਤ ਸਿੰਘ, ਹਰਜਿੰਦਰ ਸਿੰਘ, ਬਾਬਾ ਜਸਵੰਤ ਸਿੰਘ, ਜਸਬੀਰ ਸਿੰਘ, ਸੁਖਦੇਵ ਸਿੰਘ ਰਿੱਕੀ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਡਿਪੂਆਂ ਦੇ ਆਗੂ ਹਾਜ਼ਰ ਰਹੇ।