ਹਰਮੀਤ ਸਿੰਘ ਕਾਲਕਾ ਵੱਲੋਂ ਉੱਤਰੀ ਕੈਲੀਫੋਰਨੀਆ ਵਿੱਚ ਸਿੱਖ ਬਜ਼ੁਰਗ ‘ਤੇ ਹਮਲੇ ਦੀ ਨਿਖੇਧੀ
ਨਵੀਂ ਦਿੱਲੀ 13 ਅਗਸਤ 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉੱਤਰੀ ਕੈਲੀਫੋਰਨੀਆ ਵਿੱਚ 70 ਸਾਲਾਂ ਦੇ ਸ. ਹਰਪਾਲ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਬਿਨਾਂ ਕਿਸੇ ਭੇਦ-ਭਾਵ ਦੇ ਵਧ-ਚੜ੍ਹ ਕੇ ਆਪਣਾ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਆਪਣੇ ਨਿਰਦੋਸ਼ ਬਜ਼ੁਰਗਾਂ ਨੂੰ ਵਿਦੇਸ਼ੀ ਧਰਤੀ ‘ਤੇ ਇਸ ਤਰ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।
ਸ. ਕਾਲਕਾ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਨਾ ਸਿਰਫ ਸਿੱਖ ਸੰਗਤ ਲਈ ਬਲਕਿ ਪੂਰੀ ਮਨੁੱਖਤਾ ਲਈ ਚਿੰਤਾ ਦਾ ਵਿਸ਼ਾ ਹੈ। ਹਰਮੀਤ ਸਿੰਘ ਕਾਲਕਾ ਨੇ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਕਠੇ ਹੋ ਕੇ ਇਸ ਅਤਿ ਨਿੰਦਣਯੋਗ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਫ਼ ਨਿਆਂ ਹੀ ਨਹੀਂ ਬਲਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਮਲੇ ਨਾ ਹੋ ਸਕਣ।