ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ‘ਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ
- ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕੀਤੇ ਗਏ ਗੈਰਕਾਨੂੰਨੀ ਨਿਰਮਾਣ ਨੂੰ ਢਾਹਿਆ
- ਸਥਾਨਕ ਵਾਸੀਆਂ ਨੇ ਪੰਜਾਬ ਸਰਕਾਰ ਦੀ ਨਸ਼ੇ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ, 13 ਅਗਸਤ 2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਅੱਜ ਗੜ੍ਹਸ਼ੰਕਰ ਵਿਚ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਦੇਨੋਵਾਲ ਖੁਰਦ ਦੀ ਬਸਤੀ ਸਾਂਸੀਆ ਵਿਚ 13 ਮਰਲੇ ਰਕਬੇ ਵਿਚ ਪੰਚਾਇਤੀ ਜ਼ਮੀਨ 'ਤੇ ਬਣੀਆਂ 5 ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ। ਇਹ ਗ਼ੈਰ-ਕਾਨੂੰਨੀ ਉਸਾਰੀ 9 ਲੋਕਾਂ ਵੱਲੋਂ ਕੀਤੀ ਗਈ ਸੀ, ਜਿਨ੍ਹਾਂ ਵਿਰੁੱਧ 100 ਐਫ.ਆਈ.ਆਰ ਦਰਜ ਹਨ, ਜਿਨ੍ਹਾਂ ਵਿਚੋਂ 92 ਐਫ.ਆਈ.ਆਰ ਐਨ.ਡੀ.ਪੀ.ਐਸ ਮਾਮਲਿਆਂ ਨਾਲ ਸਬੰਧਤ ਹਨ ਅਤੇ ਕਈ ਮਾਮਲਿਆਂ ਵਿਚ ਉਨ੍ਹਾਂ ਨੂੰ ਸਜ਼ਾ ਵੀ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਬੇਨਤੀ 'ਤੇ ਕੀਤੀ ਗਈ ਹੈ, ਜਿਨ੍ਹਾਂ ਨੂੰ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ। ਇਹ ਕਾਰਵਾਈ 9 ਲੋਕਾਂ ਵਿਰੁੱਧ ਕੀਤੀ ਗਈ ਹੈ। ਇਨ੍ਹਾਂ ਵਿਚ ਗੁਲਜ਼ਾਰ ਸਿੰਘ, ਸੁਖਵਿੰਦਰ ਰਾਣੀ, ਗੁਰਦਿਆਲ ਸਿੰਘ, ਅਮਰਜੀਤ ਕੌਰ, ਨਿਰਮਲ ਚੰਦ, ਇੰਦਰਜੀਤ, ਜੋਗਾ ਸਿੰਘ, ਸੰਤੋਖ ਸਿੰਘ ਅਤੇ ਜੋਗਿੰਦਰ ਸਿੰਘ ਸ਼ਾਮਲ ਹਨ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰਨ ਜਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਸਵਾਗਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਪਲਵਿੰਦਰ ਸਿੰਘ, ਡੀ.ਐਸ.ਪੀ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।