Flood Alert : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
-ਜ਼ਿਲ੍ਹਾ ਪ੍ਰਸ਼ਾਸਨ ਅਲਰਟ ਮੋਡ ‘ਤੇ, ਸਾਰੇ ਜਰੂਰੀ ਪ੍ਰਬੰਧ ਮੁਕੰਮਲ
-ਜ਼ਿਲ੍ਹੇ ‘ਚ ਸਥਿਤੀ ਕੰਟਰੋਲ ਹੇਠ, ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ
-ਐਮਰਜੈਂਸੀ ਦੀ ਸਥਿਤੀ ‘ਚ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਪੱਧਰ 'ਤੇ ਸਥਾਪਤ ਕੰਟਰੋਲ ਰੂਮ ਨੰਬਰਾਂ 'ਤੇ ਕੀਤਾ ਜਾ ਸਕਦੈ ਸੰਪਰਕ
ਹੁਸ਼ਿਆਰਪੁਰ, 20 ਅਗਸਤ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੌਂਗ ਡੈਮ ਦੇ ਪਾਣੀ ਦੇ ਪੱਧਰ ਦੀ ਨਿਰੰਤਰ ਅਤੇ ਤਕਨੀਕੀ ਨਿਗਰਾਨੀ ਨੂੰ ਯਕੀਨੀ ਬਣਾ ਰਿਹਾ ਹੈ, ਤਾਂ ਜੋ ਕਿਸੇ ਵੀ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ), ਜਲ ਸਰੋਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚਾਲੇ ਮਜ਼ਬੂਤ ਆਪਸੀ ਤਾਲਮੇਲ ਸਥਾਪਿਤ ਕੀਤਾ ਗਿਆ ਹੈ। ਇਸ ਤਾਲਮੇਲ ਤਹਿਤ ਹਿਮਾਚਲ ਪ੍ਰਦੇਸ਼ ਤੋਂ ਡੈਮ ਵਿਚ ਆਉਣ ਵਾਲੇ ਪਾਣੀ ਦੀ ਮਾਤਰਾ ਅਤੇ ਡੈਮ ਦੇ ਬਾਹਰ ਜਾਣ ਵਾਲੇ ਪਾਣੀ ਦੇ ਸਬੰਧ ਵਿਚ ਇਕ ਤਕਨੀਕੀ ਤੌਰ 'ਤੇ ਸਾਵਧਾਨ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਫਲੱਡ ਗੇਟਾਂ ਰਾਹੀਂ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕਰਨਾ ਹੈ, ਤਾਂ ਜੋ ਅਚਾਨਕ ਹੜ੍ਹ ਨਾ ਆਉਣ ਅਤੇ ਸਥਾਨਕ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁੱਦੇ 'ਤੇ ਬਹੁਤ ਗੰਭੀਰ ਅਤੇ ਸੁਚੇਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲਾਂ ਦੌਰਾਨ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਆਧਾਰ 'ਤੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿਚ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹ ਸੈਕਟਰ ਅਧਿਕਾਰੀ ਪਿੰਡਾਂ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਲਗਾਤਾਰ ਸੰਪਰਕ ਬਣਾ ਕੇ ਰੱਖ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਤਿਆਰ ਹਨ।
ਇਸ ਤੋਂ ਇਲਾਵਾ ਡਰੇਨੇਜ ਵਿਭਾਗ, ਮਾਲ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾ ਰਿਹਾ ਹੈ ਹੈ। ਇਸ ਤਾਲਮੇਲ ਦਾ ਮੁੱਖ ਉਦੇਸ਼ ਸਾਰੇ ਪਿੰਡ ਵਾਸੀਆਂ ਨੂੰ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬਚਾਅ ਉਪਕਰਣ, ਮੈਡੀਕਲ ਟੀਮਾਂ, ਅਸਥਾਈ ਆਸਰਾ, ਖਾਣ-ਪੀਣ ਦੀਆਂ ਚੀਜ਼ਾਂ, ਪਸ਼ੂਆਂ ਦਾ ਚਾਰਾ ਅਤੇ ਹੋਰ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪਾਣੀ ਦਾ ਪੱਧਰ ਆਮ ਸੀਮਾਵਾਂ ਦੇ ਅੰਦਰ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ 'ਤੇ ਹੀ ਭਰੋਸਾ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਂਗ ਡੈਮ ਦੀ ਹਰ ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬੀ.ਬੀ.ਐਮ.ਬੀ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਵਿਸਤ੍ਰਿਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਪਾਣੀ ਕਾਰਨ ਨਦੀਆਂ, ਡੈਮਾਂ, ਨਹਿਰਾਂ, ਤਲਾਬਾਂ ਅਤੇ ਹੋਰ ਜਲ ਸਰੋਤਾਂ ਦਾ ਪੱਧਰ ਅਚਾਨਕ ਵੱਧ ਸਕਦਾ ਹੈ। ਇਸ ਲਈ ਸਾਰਿਆਂ ਨੂੰ ਇਨ੍ਹਾਂ ਥਾਵਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਟਰੋਲ ਰੂਮ ਰਾਹੀਂ ਹੜ੍ਹ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਜਲਦੀ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ 'ਤੇ ਸਥਾਪਿਤ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਵਿਚ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਵਿਚ ਕੰਟਰੋਲ ਰੂਮ ਦਾ ਨੰਬਰ 01884-282026, ਤਹਿਸੀਲ ਦਸੂਹਾ ਵਿਚ ਕੰਟਰੋਲ ਰੂਮ ਦਾ ਨੰਬਰ 01883-506268, ਤਹਿਸੀਲ ਟਾਂਡਾ ਵਿਚ ਕੰਟਰੋਲ ਰੂਮ ਦਾ ਨੰਬਰ 01886-512952 ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਨੰਬਰ 01883-244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਇਨ੍ਹਾਂ ਕੰਟਰੋਲ ਰੂਮਾਂ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਜੇਕਰ ਹੜ੍ਹਾਂ ਸੰਬੰਧੀ ਕੋਈ ਜਾਣਕਾਰੀ ਦੀ ਲੋੜ ਹੋਵੇ, ਤਾਂ ਵੀ ਉਪਰੋਕਤ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।