ਰਾਹਤ ਤੇ ਬਚਾਅ ਕਾਰਜਾਂ ਵਿੱਚ ਪੰਜਾਬ ਪੁਲਿਸ ਦੇ ਜਵਾਨ ਵੀ ਨਿਭਾ ਰਹੇ ਹਨ ਮੋਹਰੀ ਰੋਲ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਗਸਤ 2025 - ਜ਼ਿਲ੍ਹਾ ਗੁਰਦਾਸਪੁਰ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਆਏ ਹੜ੍ਹ 'ਚੋਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਹੋਰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਦੇ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਜਵਾਨ ਵੀ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਅਤੇ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਦੱਸਿਆ ਕਿ ਹੜ੍ਹ ਆਉਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਦੇ ਸੰਭਾਵੀ ਖੇਤਰ ਵਿੱਚ ਪਹੁੰਚ ਗਏ ਸਨ ਅਤੇ ਕਈ ਲੋਕਾਂ ਨੂੰ ਐਡਵਾਂਸ ਵਿੱਚ ਹੀ ਬਾਹਰ ਕੱਢ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਵੀ ਗੁਰਦਾਸਪੁਰ ਪੁਲਿਸ ਦੇ ਜਵਾਨਾਂ ਨੇ ਅੱਗੇ ਹੋ ਕੇ ਲੋਕਾਂ ਨੂੰ ਰੈਸਕਯੂ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਲਈ ਰਾਸ਼ਨ, ਪਾਣੀ ਤੇ ਹੋਰ ਲੋੜੀਂਦੀ ਸਮਗਰੀ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਹਰ ਸਮੇਂ ਹਾਜ਼ਰ ਹੈ ਅਤੇ ਪੰਜਾਬ ਪੁਲਿਸ ਦੇ ਇਹ ਮਾਨਵਤਾਵਾਦੀ ਉਪਰਾਲੇ ਜਾਰੀ ਰਹਿਣਗੇ।