PM Modi Birthday: ਸ਼ਬਦੀਂ ਜੰਗ ਵਿਚਾਲੇ ਵਧਾਈਆਂ ਦਾ ਦੌਰ!
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 17 ਸਤੰਬਰ 2025- ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਟਸਲ ਜਿੱਥੇ ਲਗਾਤਾਰ ਵਧਦੀ ਜਾ ਰਹੀ ਹੈ, ਉਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਇਹ ਟਸਲ ਥੋੜ੍ਹੀ ਠੰਡੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੇ ਵੱਲੋਂ ਪੀਐੱਮ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਸਿਹਤ ਤੰਦਰੁਸਤੀ ਲਈ ਅਰਦਾਸ ਕੀਤੀ ਹੈ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ, ਪਰਮਾਤਮਾ ਅੱਗੇ ਚੰਗੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ।
ਇੱਥੇ ਦੱਸਦੇ ਚੱਲੀਏ ਕਿ ਕੇਂਦਰ ਅਤੇ ਪੰਜਾਬ ਵਿਚਾਲੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਘੜਮੱਸ ਵੱਜਿਆ ਹੋਇਆ ਹੈ। ਜਿਸਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੇ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ।
ਇਸਨੂੰ ਲੈ ਕੇ ਪਿਛਲੇ ਦਿਨੀ ਹੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆਂ ਕੇਂਦਰ ਸਰਕਾਰ ਤੇ ਇਹ ਦੋਸ਼ ਲਾਇਆ ਸੀ ਕਿ ਕੇਂਦਰ ਦੇ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਤਾਂ ਬੰਦ ਕਰ ਦਿੱਤਾ ਗਿਆ ਜਦੋਂ ਕਿ ਭਾਰਤੀ ਖਿਡਾਰੀਆਂ ਨੂੰ ਪਾਕਿਸਤਾਨ ਦੇ ਨਾਲ ਖੇਡਣ ਦੀ ਇਜਾਜ਼ਤ ਦੇ ਦਿੱਤੀ ਗਈ।
ਉਹਨਾਂ ਕਿਹਾ ਕਿ ਇਹ ਦੋਹਰਾ ਮਾਪਦੰਡ ਹੈ ਜਿਸ ਨੂੰ ਪੰਜਾਬੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਭਗਵੰਤ ਮਾਨ ਨੇ ਕਿਹਾ ਸੀ ਕਿ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ, ਪਰ ਇਸ ਵੇਲੇ ਸਭ ਤੋਂ ਵੱਧ ਕੇਂਦਰ ਦੇ ਵੱਲੋਂ ਪੰਜਾਬੀਆਂ ਦੇ ਨਾਲ ਹੀ ਵਿਤਕਰਾ ਕੀਤਾ ਜਾ ਰਿਹਾ ਹੈ।