ਬਰਨਾਲਾ: ਮਾਪਿਆਂ ਦੇ ਸੁਪਨੇ ਪੂਰੇ ਕਰਨ ਕੈਨੇਡਾ ਗਏ ਇਕਲੌਤੇ ਪੁੱਤ ਦੀ ਲਾਸ਼ ਪਰਤੀ
ਕਰਜ਼ੇ ਹੇਠ ਦੱਬੇ ਪਰਿਵਾਰ ਦਾ ਰੋ-ਰੋ ਬੁਰਾ ਹਾਲ
ਕਮਲਜੀਤ ਸਿੰਘ
ਬਰਨਾਲਾ/ਮਹਿਲ ਕਲਾਂ, 27 ਜਨਵਰੀ, 2026: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਹਲਕਾ ਮਹਿਲ ਕਲਾਂ ਦੇ ਪਿੰਡ ਗੁਰਮ ਤੋਂ ਸਾਹਮਣੇ ਆਇਆ ਹੈ, ਜਿੱਥੇ 23 ਸਾਲਾ ਨੌਜਵਾਨ ਰਾਜਪ੍ਰੀਤ ਸਿੰਘ ਦੀ ਬਿਮਾਰੀ ਕਾਰਨ ਕੈਨੇਡਾ ਵਿੱਚ ਮੌਤ ਹੋ ਗਈ। ਅੱਜ ਜਦੋਂ ਰਾਜਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਮਾਤਮ ਪਸਰ ਗਿਆ।
ਰਾਜਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਕੁਲਵੰਤ ਸਿੰਘ, ਜੋ ਕਿ ਇੱਕ ਪ੍ਰਾਈਵੇਟ ਬੱਸ ਡਰਾਈਵਰ ਹਨ, ਨੇ ਆਪਣੇ ਪੁੱਤਰ ਦੇ ਸੁਨਹਿਰੀ ਭਵਿੱਖ ਲਈ ਆਪਣੀ 2 ਏਕੜ ਜ਼ਮੀਨ 'ਤੇ ਲੋਨ ਲੈ ਕੇ ਅਤੇ ਕਰਜ਼ਾ ਚੁੱਕ ਕੇ 23 ਲੱਖ ਰੁਪਏ ਖਰਚ ਕੀਤੇ ਸਨ। ਰਾਜਪ੍ਰੀਤ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਬਰੈਂਪਟਨ ਗਿਆ ਸੀ।
ਮੌਤ ਅਤੇ ਲਾਸ਼ ਲਿਆਉਣ ਦਾ ਸੰਘਰਸ਼
ਪਰਿਵਾਰ ਅਨੁਸਾਰ, ਰਾਜਪ੍ਰੀਤ ਨੂੰ ਅਚਾਨਕ ਪੇਟ ਵਿੱਚ ਦਰਦ ਹੋਇਆ ਸੀ, ਜਿਸ ਤੋਂ ਬਾਅਦ ਇਲਾਜ ਦੌਰਾਨ 17 ਜਨਵਰੀ ਨੂੰ ਉਸਦੀ ਮੌਤ ਹੋ ਗਈ। ਦੁੱਖ ਦੀ ਗੱਲ ਇਹ ਹੈ ਕਿ ਇਕਲੌਤੇ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਵੀ ਗ਼ਰੀਬ ਪਿਤਾ ਨੂੰ ਫਿਰ ਤੋਂ 9.50 ਲੱਖ ਰੁਪਏ ਦਾ ਕਰਜ਼ਾ ਚੁੱਕਣਾ ਪਿਆ।
ਅੰਤਿਮ ਵਿਦਾਇਗੀ ਅਤੇ ਸਰਕਾਰ ਨੂੰ ਗੁਹਾਰ
ਅੱਜ ਪਿੰਡ ਗੁਰਮ ਵਿਖੇ ਨਮ ਅੱਖਾਂ ਨਾਲ ਰਾਜਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਰੋਦੇ-ਕੁਰਲਾਉਂਦੇ ਮਾਪਿਆਂ ਨੇ ਦੱਸਿਆ ਕਿ ਰਾਜਪ੍ਰੀਤ ਨੇ ਵਾਅਦਾ ਕੀਤਾ ਸੀ ਕਿ ਉਹ ਰੋਜ਼ ਸਵੇਰੇ-ਸ਼ਾਮ ਆਪਣੀ ਮਾਂ ਨਾਲ ਗੱਲ ਕਰੇਗਾ, ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ: ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ।
ਮਹਿਲ ਕਲਾਂ ਹਲਕੇ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਇਹ ਤੀਜੀ ਅਜਿਹੀ ਘਟਨਾ ਹੈ ਜਿੱਥੇ ਕਿਸੇ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋਈ ਹੋਵੇ। ਇਹ ਪੰਜਾਬ ਦੇ ਨੌਜਵਾਨਾਂ ਦੇ ਪਰਵਾਸ ਅਤੇ ਉੱਥੇ ਪੇਸ਼ ਆ ਰਹੀਆਂ ਸਿਹਤ ਤੇ ਸੁਰੱਖਿਆ ਸਬੰਧੀ ਮੁਸ਼ਕਲਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।