ਕੈਪਟਨ ਅਮਰਿੰਦਰ ਦਾ ਭਾਜਪਾ ਲੀਡਰਾਂ ਨੇ ਜਾਣਿਆ ਹਾਲ, ਹਸਪਤਾਲ ਚ ਕੀਤੀ ਮੁਲਾਕਾਤ
ਸੰਗਠਨ ਮੰਤਰੀ ਸ੍ਰੀ ਨਿਵਾਸਲੂ ਅਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਸਮੇਤ ਕਈ ਆਗੂਆਂ ਨੇ ਕੀਤੀ ਮੁਲਾਕਾਤ; ਸਿਹਤ ਵਿੱਚ ਤੇਜ਼ੀ ਨਾਲ ਸੁਧਾਰ\
Ravi Jakhu
ਮੋਹਾਲੀ/ਚੰਡੀਗੜ੍ਹ 12 ਫਰਵਰੀ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਦੀ ਸਰਜਰੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਗੋਡਿਆਂ ਦੇ ਤੇਜ਼ ਦਰਦ ਤੋਂ ਪਰੇਸ਼ਾਨ ਸਨ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ 'ਨੀ-ਰਿਪਲੇਸਮੈਂਟ' (Knee Replacement) ਦੀ ਸਲਾਹ ਦਿੱਤੀ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਭਾਜਪਾ ਦੇ ਕਈ ਸੀਨੀਅਰ ਆਗੂ ਹਸਪਤਾਲ ਪਹੁੰਚ ਰਹੇ ਹਨ। ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨੇ ਹਸਪਤਾਲ ਜਾ ਕੇ ਕੈਪਟਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਜਲਦੀ ਹੀ ਮੁੜ ਜਨਤਕ ਸੇਵਾਵਾਂ ਵਿੱਚ ਸਰਗਰਮ ਹੋਣਗੇ। ਹਰਿਆਣਾ ਦੇ ਸੀਨੀਅਰ ਭਾਜਪਾ ਆਗੂ ਅਤੇ ਮੰਤਰੀ ਅਨਿਲ ਵਿੱਜ ਨੇ ਵੀ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਹਸਪਤਾਲ ਦੇ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਮੰਗਲਵਾਰ ਨੂੰ ਸਰਜਰੀ ਤੋਂ ਬਾਅਦ ਸਾਵਧਾਨੀ ਵਜੋਂ ਆਈਸੀਯੂ (ICU) ਵਿੱਚ ਰੱਖਿਆ ਗਿਆ ਸੀ, ਜਿੱਥੇ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਉਨ੍ਹਾਂ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਦੱਸੀ ਜਾ ਰਹੀ ਹੈ।