ਅਮਨ ਕਾਨੂੰਨ ਦੇ ਮੁੱਦੇ ਤੇ ਬਠਿੰਡਾ ਸ਼ਹਿਰੀ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 15ਫਰਵਰੀ 2026:ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਬਠਿੰਡਾ ਕਾਂਗਰਸ ਨੇ 17 ਫਰਵਰੀ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਫਰਵਰੀ ਦਿਨ ਮੰਗਲਵਾਰ ਨੂੰ ਫਾਇਰ ਬ੍ਰਿਗੇਡ ਚੌਂਕ ਤੋਂ ਲੈਕੇ ਸਾਰੇ ਬਾਜ਼ਾਰਾਂ ਵਿੱਚ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦੇ ਹੋਏ ਪੈਦਲ ਰੋਸ ਮਾਰਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਰੋਸ ਪ੍ਰੋਗਰਾਮ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਵਿੱਚ ਸਮੂਹ ਵਰਕਰਾਂ ਅਤੇ ਆਗੂਆਂ ਦੀਆਂ ਜਿੰਮੇਵਾਰੀਆਂ ਤੈਅ ਕਰ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸਮੁੱਚੀ ਜਿਲ੍ਹਾ ਕਾਂਗਰਸ ਲੀਡਰਸ਼ਿਪ ਵਰਕਰ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਮੇਤ ਵਰਕਰ ਹਾਜ਼ਰ ਹੋਣਗੇ ਜਿਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਹਨਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ ਅਤੇ ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਜੋ ਨਾ ਦੇਣ ਤੇ ਫਾਇਰਿੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਬੰਦੇ ਮਾਰੇ ਵੀ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨ ਬ ਦਿਨ ਨਿਘਰ ਦੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗਰੰਟੀਆਂ ਦਾ ਦੇ ਦਿੱਤੀਆਂ ਪਰ ਉਹਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਖਾਸ ਤੌਰ ਤੇ ਔਰਤਾਂ ਨੂੰ 1000 ਦੇਣ ਦਾ ਵਾਅਦਾ ਅਜੇ ਵਫਾ ਨਹੀਂ ਹੋਇਆ ਹੈ।
ਕਾਂਗਰਸੀ ਆਗੂ ਰਾਜਨ ਗਰਗ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਹੋਣ ਵਜੋਂ ਕਾਂਗਰਸ ਪਾਰਟੀ ਦਾ ਇਹ ਫਰਜ਼ ਹੈ। ਇਸ ਲਈ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਵਜੋਂ ਪੈਦਲ ਮਾਰਚ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਪੈਦਲ ਮਾਰਚ ਦੁਪਹਿਰ 2 ਵਜੇ ਫਾਇਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ ਸਦਭਾਵਨਾ ਚੌਂਕ ਸਮੇਤ ਸਾਰੇ ਬਾਜ਼ਾਰਾਂ ਵਿੱਚ ਕੀਤਾ ਜਾਵੇਗਾ ਤਾਂ ਜੋ ਹਰ ਵਰਗ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਣੂ ਕਰਵਾਇਆ ਜਾ ਸਕੇ। ਉਹਨਾਂ ਸਮੁੱਚੇ ਪੰਜਾਬੀਆਂ ਸ਼ਹਿਰੀਆਂ ਅਤੇ ਖਾਸ ਕਰਕੇ ਵਪਾਰੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ । ਇਸ ਮੌਕੇ ਅਸ਼ੋਕ ਕੁਮਾਰ, ਕੇਕੇ ਅਗਰਵਾਲ, ਅਰੁਣ ਵਧਾਵਨ, ਮਾਸਟਰ ਹਰਮੰਦਰ ਸਿੰਘ, ਬਲਜਿੰਦਰ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ , ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਪਵਨ ਮਾਨੀ, ਹਰਵਿੰਦਰ ਲੱਡੂ ਅਤੇ ਬਲਰਾਜ ਪੱਕਾ ਆਦਿ ਆਗੂ ਹਾਜ਼ਰ ਸਨ।