ਮਨਪ੍ਰੀਤ ਬਾਦਲ ਦੀ ਰਿਹਾਇਸ਼ ਅੱਗੇ ਨਿੱਜੀਕਰਨ ਤੇ ਜੀ ਰਾਮ ਜੀ ਖਿਲਾਫ ਧਰਨੇ ਸਬੰਧੀ ਮੀਟਿੰਗ
ਅਸ਼ੋਕ ਵਰਮਾ
ਸੰਗਤ ਮੰਡੀ,15 ਫਰਵਰੀ 2026: ਪੰਜਾਬ ਦੀਆਂ ਦਰਜਨਾਂ ਮਜ਼ਦੂਰ ਕਿਸਾਨ ਮੁਲਾਜ਼ਮ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਪੰਜਾਬ ਭਰ ਚ ਭਾਜਪਾ ਤੇ ਆਪ ਆਗੂਆਂ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਘੁੱਦਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੋਟਗੁਰੂ ਤੇ ਘੁੱਦਾ ਦੇ ਸਰਗਰਮ ਮਜ਼ਦੂਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ 22 ਫਰਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਮਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਨੂੰ ਬਹਾਲ ਕਰਨ , ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਜਾਵੇਗਾ।
ਉਹਨਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰਾਂ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਇਹਨਾਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ 'ਤੇ ਜ਼ੁਲਮ ਢਾਹੇ ਜਾ ਰਹੇ ਹਨ। ਉਹਨਾਂ ਆਖਿਆ ਕਿ ਭਾਜਪਾ ਦੀ ਸਰਕਾਰ ਜੀ ਰਾਮ ਜੀ ਕਾਨੂੰਨ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਦੇਣ ਦੇ ਫਰੇਬੀ ਐਲਾਨਾਂ ਰਾਹੀਂ ਮਜ਼ਦੂਰਾਂ ਨੂੰ ਮਨਰੇਗਾ 'ਚ ਮਿਲਦਾ ਨਾਂਮਾਤਰ ਰੁਜ਼ਗਾਰ ਵੀ ਖੋਹਣ 'ਤੇ ਉਤਰ ਆਈ ਹੈ ਅਤੇ ਬਿਜਲੀ ਦੇ ਮੁਕੰਮਲ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਤੋਂ ਬਿਜਲੀ ਖੋਹ ਕੇ ਉਹਨਾਂ ਦੇ ਘਰਾਂ 'ਚ ਹਨੇਰਾ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੀ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਤੇ ਬਿਜਲੀ ਦੇ ਸਮਾਰਟ ਮੀਟਰ ਲਾਉਣ ਵਰਗੇ ਕਦਮ ਚੁੱਕ ਰਹੀ ਹੈ। ਮਜ਼ਦੂਰ ਆਗੂ ਰਣਦੀਪ ਸਿੰਘ ਰਾਣਾ , ਹਰਵਿੰਦਰ ਸਿੰਘ, ਨਾਨਕ ਸਿੰਘ ਤੇ ਗੁਰਮੀਤ ਸਿੰਘ ਕੋਟਗੁਰੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਚ ਵਿਸ਼ਾਲ ਤੇ ਸਾਂਝੀਆਂ ਜਨਤਕ ਇਕੱਤਰਤਾਵਾਂ ਕੀਤੀਆਂ ਜਾਣਗੀਆਂ ਅਤੇ 22 ਦੇ ਬਾਦਲ ਧਰਨੇ 'ਚ ਪਰਿਵਾਰਾਂ ਸਮੇਤ ਖੇਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਾਈ ਜਾਵੇਗੀ।