ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਗਭਗ 4 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਣ
ਫ਼ਰੀਦਕੋਟ, 17 ਫਰਵਰੀ 2026 (ਪਰਵਿੰਦਰ ਸਿੰਘ ਕੰਧਾਰੀ) :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਦੋ ਅਹਿਮ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕੀਤਾ ।
ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਪਿੰਡ ਟਹਿਣਾ ਵਿਖੇ 82.79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ । ਇਸ ਸਕੀਮ ਨਾਲ ਪਿੰਡ ਦੇ ਵਾਸੀਆਂ ਨੂੰ ਸਾਫ਼, ਸੁੱਧ ਅਤੇ ਪੂਰੀ ਮਾਤਰਾ ਵਿੱਚ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਸਪੀਕਰ ਵੱਲੋਂ ਪਿੰਡ ਪੱਕਾ ਵਿਖੇ 242.25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਵਾਟਰ ਵਰਕਸ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਜੈਕਟ ਨਾਲ ਪਿੰਡ ਪੱਕਾ ਦੇ ਨਿਵਾਸੀਆਂ ਨੂੰ ਲੰਮੇ ਸਮੇਂ ਲਈ ਸੁਚੱਜੀ ਅਤੇ ਸਥਾਈ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੀਣ ਵਾਲੇ ਪਾਣੀ ਵਰਗੀਆਂ ਮੁਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਤੇ ਸ਼ੁੱਧ ਪੀਣ ਯੋਗ ਪਾਣੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਸਰਕਾਰ ਵੱਲੋਂ ਹਰ ਘਰ ਤੱਕ ਪਾਣੀ ਪਹੁੰਚਾਉਣ ਦੇ ਟੀਚੇ ਨੂੰ ਯੁੱਧ ਪੱਧਰ ‘ਤੇ ਅਮਲ ਵਿੱਚ ਲਿਆਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸਿਰਫ਼ ਪਾਣੀ ਦੀ ਕਮੀ ਹੀ ਦੂਰ ਨਹੀਂ ਹੋਵੇਗੀ, ਸਗੋਂ ਲੋਕਾਂ ਦੀ ਸਿਹਤ ਵਿੱਚ ਸੁਧਾਰ ਆਵੇਗਾ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ‘ਤੇ ਵੀ ਵੱਡੀ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੜਕਾਂ, ਸਿਹਤ, ਸਿੱਖਿਆ, ਸਾਫ਼ ਪਾਣੀ ਅਤੇ ਸਫ਼ਾਈ ਵਰਗੇ ਖੇਤਰਾਂ ਵਿੱਚ ਲਗਾਤਾਰ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਬਰਾਬਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਵਿਚਕਾਰ ਵਿਕਾਸ ਦਾ ਅੰਤਰ ਖਤਮ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਕੋਟਕਪੂਰਾ ਦੇ ਪਾਰਟੀ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।