ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ; ਹੈਰੋਇਨ ਸਮੇਤ ਦੋ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 21 ਫਰਵਰੀ 2026- ਨਸ਼ਾ ਮੁਕਤ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ. (CIA) ਸਟਾਫ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 200 ਗ੍ਰਾਮ ਹੈਰੋਇਨ ਬਰਾਮਦ ਕਰਕੇ ਇੱਕ ਮਹਿਲਾ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਅਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ਚੈਕਿੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਅਮਨਦੀਪ ਸਿੰਘ ਬਰਾੜ ਅਤੇ ਏ.ਸੀ.ਪੀ. (ਡਿਟੈਕਟਿਵ) ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ (ਇੰਚਾਰਜ ਸੀ.ਆਈ.ਏ. ਸਟਾਫ) ਦੀ ਅਗਵਾਈ ਹੇਠਲੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਹ ਸਫਲਤਾ ਹਾਸਿਲ ਕੀਤੀ ਹੈ।
19 ਫਰਵਰੀ 2026 ਨੂੰ ਪੁਲਿਸ ਨੇ ਮਨਜੀਤ ਨਗਰ ਦੇ ਰਹਿਣ ਵਾਲੇ ਪਵਿੰਦਰ ਸਿੰਘ ਉਰਫ਼ ਘੋਨਾ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪਵਿੰਦਰ ਸਿੰਘ ਕੋਲੋਂ ਕੀਤੀ ਗਈ ਸਖ਼ਤ ਪੁੱਛਗਿੱਛ ਦੌਰਾਨ ਇੱਕ ਮਹਿਲਾ ਸਮੱਗਲਰ ਦਾ ਨਾਮ ਸਾਹਮਣੇ ਆਇਆ।
ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 20 ਫਰਵਰੀ ਨੂੰ ਪਿੰਡ ਤਲਵੰਡੀ ਇਲਾਕੇ ਤੋਂ ਬਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਵੀ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫਰਾਰ ਦੋਸ਼ੀ ਦੀਪੂ ਕੁਮਾਰ (ਭਾਲ ਜਾਰੀ) ਹੈ। ਕਾਨੂੰਨੀ ਕਾਰਵਾਈ ਅਧੀਨ ਮੁਕੱਦਮਾ ਨੰਬਰ 50, ਥਾਣਾ ਡਵੀਜ਼ਨ 05 ਵਿੱਚ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਪਲਾਈ ਚੇਨ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਫਰਾਰ ਦੋਸ਼ੀ ਦੀਪੂ ਕੁਮਾਰ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।
Click to Follow Babushahi Facebook Page →