ਬੇਅਦਬੀਆਂ ਖ਼ਿਲਾਫ਼ ਸਖਤ ਕਾਨੂੰਨ ਲਈ 24 ਫਰਵਰੀ ਨੂੰ ਸਮਾਣਾ ਮੋਰਚੇ ਵਿੱਚ ਪੁੱਜਣ ਦਾ ਸੱਦਾ
ਅਸ਼ੋਕ ਵਰਮਾ
ਮਾਨਸਾ ,22 ਫਰਵਰੀ 2026: ਅੱਜ ਗੁਰਦੁਆਰਾ ਸਾਹਿਬ ਤਲਵੰਡੀ ਅਕਲੀਆ ਵਿਖੇ ਗੁਰੂਘਰ ਦੇ ਸਾਹਮਣੇ ਨਗਰ ਨਿਵਾਸੀਆਂ ਦੇ ਇਕੱਠ ਦੌਰਾਨ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਦੀ ਮੰਗ ਤੇ ਜ਼ੋਰ ਪਾਉਣ ਲਈ 24 ਫਰਵਰੀ ਨੂੰ ਸਮਾਣਾ ਮੋਰਚੇ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ। ਇਸ ਪਿੰਡ ਵਾਸੀਆਂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਕਾਨੂੰਨ ਨਹੀਂ ਬਣਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਖਾਲਸਾ (ਸਮਾਨਾ, ਜ਼ਿਲ੍ਹਾ ਪਟਿਆਲਾ) ਪਿਛਲੇ ਸੋਲ੍ਹਾਂ ਮਹੀਨਿਆਂ ਤੋਂ ਟਾਵਰ ’ਤੇ ਚੜ੍ਹ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਇਕੋ-ਇਕ ਮੰਗ ਹੈ ਕਿ ਚਾਹੇ ਕੋਈ ਵੀ ਧਰਮ ਗ੍ਰੰਥ ਹੋਵੇ, ਉਸ ਦੀ ਬੇਅਦਬੀ ਖ਼ਿਲਾਫ਼ ਇਕਸਾਰ ਅਤੇ ਬਹੁਤ ਹੀ ਸਖ਼ਤ ਕਾਨੂੰਨ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪਿੰਡ ਤਲਵੰਡੀ ਅਕਲੀਆ ਦੇ ਸਮੂਹ ਵਾਸੀਆਂ ਨੇ ਇਸ ਅੰਦੋਲਨ ਨਾਲ ਆਪਣੀ ਪੂਰੀ ਏਕਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ 24 ਫਰਵਰੀ ਨੂੰ ਸਮਾਨਾ ਵਿਖੇ ਪਹੁੰਚ ਕੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਸੰਬੰਧੀ ਪਿੰਡ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਘਰਸ਼ ਕਮੇਟੀ ਤਲਵੰਡੀ ਅਕਲੀਆ(ਤਲਵੰਡੀ ਸਾਬੋ ਮੋਰਚਾ) ਦੇ ਪ੍ਰਧਾਨ ਸੁਖਦੀਪ ਸਿੰਘ , ਮੀਡੀਆ ਇੰਚਾਰਜ ਖੁਸ਼ਵੀਰ ਸਿੰਘ ਅਤੇ ਸੈਕਟਰੀ ਮਨਪ੍ਰੀਤ ਸਿੰਘ ਭੁੱਲਰ ਨੇ ਇਸ ਸੰਘਰਸ਼ ਦੀ ਸਫਲਤਾ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਾਕਾ ਸਿੰਘ ਨੇ 24 ਫਰਵਰੀ ਨੂੰ ਸਮਾਣਾ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਧਰਮ ਦੀ ਨਹੀਂ, ਸਗੋਂ ਸਾਰੇ ਧਰਮ ਗ੍ਰੰਥਾਂ ਦੇ ਸਤਿਕਾਰ ਅਤੇ ਸੁਰੱਖਿਆ ਦੀ ਲੜਾਈ ਹੈ, ਜਿਸ ਵਿੱਚ ਹਰ ਇਨਸਾਨ ਨੂੰ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਗਰਮੇਲ ਸਿੰਘ ਮੀਤ ਪ੍ਰਧਾਨ ਅਤੇ ਦਰਸ਼ਨ ਸਿੰਘ ਖਾਲਸਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Click to Follow Babushahi Facebook Page →