ਆਪ ਸਰਕਾਰ ਨੇ ਇਸ ਸਾਲ 52000 ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਇਹ ਕੁਝ ਮਹੀਨਿਆਂ ਵਾਸਤੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਵਾਸਤੇ ਸਰਕਾਰੀ ਜ਼ਮੀਨਾਂ ਵੇਚਣ ਵਾਸਤੇ ਯਤਨਸ਼ੀਲ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਠਿੰਡਾ ਵਿਚ ਵਿਸ਼ਵ ਪੱਧਰੀ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ
ਅਸ਼ੋਕ ਵਰਮਾ
*ਮੌੜ,8 ਮਾਰਚ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਸਾਲ 52000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਉਹ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਾਸਤੇ ਸਰਕਾਰੀ ਜ਼ਮੀਨਾਂ ਵੇਚਣਾ ਚਾਹੁੰਦੀ ਹੈ।
ਇਥੇ ਅਨਾਜ ਮੰਡੀ ਵਿਚ ਨੀਲੀਆਂ ਦਸਤਾਰਾਂ ਦੇ ਸਮੁੰਦਰ ਵਿਚ ਸੀਨੀਅਰ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ ਦੇ ਨਾਲ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਆਪ ਸਰਕਾਰ ਸੂਬੇ ਦੀਆਂ ਔਰਤਾਂ ਲਈ ਕੁਝ ਕਰਨਾ ਚਾਹੁੰਦੀ ਤਾਂ ਇਸਨੂੰ ਸਰਕਾਰ ਬਣਨ ਤੋਂ ਬਾਅਦ ਔਰਤਾਂ ਵਾਸਤੇ 66000 ਰੁਪਏ ਅਲਾਟ ਕਰਨੇ ਚਾਹੀਦੇ ਸਨ। ਉਹਨਾਂ ਕਿਹਾ ਕਿ ਇਹੀ ਵਾਅਦਾ ਆਪ ਨੇ ਕੀਤਾ ਸੀ ਪਰ ਅਜਿਹਾ ਕਰਨ ਦੀ ਥਾਂ ਆਪ ਸਰਕਾਰ ਹੁਣ ਅਖੀਰਲੇ ਕੁਝ ਮਹੀਨਿਆਂ ਵਿਚ ਇਹ ਰਾਸ਼ੀ ਦੇ ਕੇ ਔਰਤਾਂ ਦੀਆਂ ਵੋਟਾਂ ਲੈਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੈਂ ਔਰਤਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੋ ਵੀ ਇਹ ਦਿੰਦੇ ਹਨ, ਉਹ ਲੈ ਲੈਣ ਪਰ 2027 ਦੀਆਂ ਚੋਣਾਂ ਵਿਚ ਇਸ ਪਾਰਟੀ ਨੂੰ ਕਰਾਰਾ ਸਬਕ ਸਿਖਾਉਣ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਜਾਣਦੇ ਹਨ ਕਿ ਅਕਾਲੀ ਦਲ ਨੇ ਹੀ ਪਿਛਲੇ ਸਾਲ ਆਏ ਹੜ੍ਹਾਂ ਵਿਚ ਉਹਨਾਂ ਦੀ ਮਦਦ ਕੀਤੀ। ਉਹਨਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਬਜਟ ਭਾਸ਼ਣ ਵਿਚ ਝੂਠ ਆਖਿਆ ਹੈ ਕਿ ਆਪ ਸਰਕਾਰ ਨੇ ਤੇਜ਼ ਰਫਤਾਰ ਮੁਆਵਜ਼ਾ ਪ੍ਰਦਾਨ ਕੀਤਾ ਤੇ ਉਹਨਾਂ ਕਿਸਾਨਾਂ ਦੇ ਹੋਏ ਨੁਕਸਾਨ ਵਾਸਤੇ 15 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਦਾਅਵਾ ਕਰ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਹਰ ਕੋਈ ਜਾਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਫ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੈਡੀਕਲ ਕਾਲਜ ਬਣਾਉਣ ਦੇ ਮਾਮਲੇ ਵਿਚ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਨੇ 16 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਕ ਪੈਸਾ ਵੀ ਇਹ ਕਾਲਜ ਬਣਾਉਣ ਵਾਸਤੇ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰੀ ਮੁਲਾਜ਼ਮਾਂ ਵਾਸਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਾਸਤੇ ਕੋਈ ਪੈਸਾ ਨਹੀਂ ਦਿੱਤਾ ਗਿਆ ਤੇ ਨਾ ਹੀ ਵਪਾਰ ਤੇ ਉਦਯੋਗ ਵਾਸਤੇ ਕੋਈ ਦੁੱਕੀ ਵੀ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਨੌਜਵਾਨਾਂ ਨੂੰ 3 ਹਜ਼ਾਰ ਰੁਪਏ ਬੇਰੋਜ਼ਗਾਰੀ ਭੱਤਾ ਦੇਣ ਵਾਸਤੇ ਵੀ ਕੋਈ ਪੈਸਾ ਨਹੀਂ ਦਿੱਤਾ ਗਿਆ।
ਪੰਜਾਬ ਦੇ ਵਿਕਾਸ ਲਈ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਅਸੀਂ ਬਠਿੰਡਾ ਵਿਚ 300 ਏਕੜ ਵਿਚ ਵਿਸ਼ਵ ਪੱਧਰੀ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਾਂਗੇ। ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਅਤੇ ਇਸਦੇ ਨਾਲ ਮਾਨਤਾ ਪ੍ਰਾਪਤ ਕਾਲਜਾਂ ਰਾਹੀਂ ਇਕ ਲੱਖ ਨੌਜਵਾਨਾਂ ਨੂੰ ਸਿੱਖਲਾਈ ਦਿੱਤੀ ਜਾਵੇਗੀ ਜੋ ਉਦਯੋਗਿਕ ਘਰਾਣਿਆਂ ਨਾਲ ਰਲ ਕੇ ਦਿੱਤੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਇੰਡਸਟਰੀ ਦੀ ਮੰਗ ਮੁਤਾਬਕ ਸਿੱਖਲਾਈ ਮਿਲ ਸਕੇ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸੂਬੇ ਵਿਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਖ਼ਾਤਮਾ ਕਰੇਗੀ। ਉਹਨਾਂ ਕਿਹਾ ਕਿ ਅਸੀਂ ਇਕ ਕਾਨੂੰਨ ਲਿਆਵਾਂਗੇ ਤਾਂ ਜੋ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਜ਼ਮਾਨਤਾਂ ਨਾ ਮਿਲ ਸਕਣ ਤੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਉਦਯੋਗਿਕ ਇਕਾਈਆਂ ਦਾ ਇਕ ਬੂੰਦ ਪ੍ਰਦੂਸ਼ਤ ਪਾਣੀ ਵੀ ਨਹੀਂ ਪੈਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ, ਉਹਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਾਲਵਾ ਪੱਟੀ ਵਿਚ ਕੈਂਸਰ ਦੇ ਖ਼ਾਤਮੇ ਵਾਸਤੇ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਨਹਿਰ ਰਾਹੀਂ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ ਰਾਜਸਥਾਨ ਨੂੰ ਦੇਣ ਵਾਸਤੇ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਅਤੇ ਉਹ ਇਸ ਇਤਿਹਾਸਕ ਅਨਿਆਂ ਨੂੰ ਦਰੁੱਸਤ ਕਰਨਗੇ। ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਰਾਹੀਂ ਜਾਂਦਾ ਸਾਰਾ ਪਾਣੀ ਪੰਜਾਬ ਦੇ ਖੇਤਾਂ ਵਾਸਤੇ ਦਿੱਤਾ ਜਾਵੇਗਾ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਅਤੇ ਮੁਹਾਲੀ ਨੂੰ ਆਈ ਟੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਹਨਾਂ ਐਲਾਨ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਵਪਾਰੀਆਂ ਵਾਸਤੇ ਟੈਕਸ ਅਤਿਵਾਦ ਦੇ ਖ਼ਾਤਮੇ ਵਾਸਤੇ ਸ਼ੁਰੂ ਕੀਤੀ ’ਰਾਹਤ’ ਸਕੀਮ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ ਜਦੋਂ ਕਿ ਪਿਛਲੀ ਕਾਂਗਰਸ ਤੇ ਆਪ ਸਰਕਾਰ ਦੇ ਦੌਰ ਵਿਚ ਵਪਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਵੇਲੇ ਇਸ ਹਲਕੇ ਦਾ ਵਿਕਾਸ ਹੋਇਆ, ਨਵੇਂ ਸਕੂਲ ਸਥਾਪਿਤ ਕੀਤੇ ਗਏ, ਸਿੰਜਾਈ ਸਕੀਮਾਂ ਤੇ ਸਿਹਤ ਤੇ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ।
Click to Follow Babushahi Facebook Page →