ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣਾ : ਮਨੀਸ਼ ਸਿਸੋਦੀਆ
ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਨਸ਼ੇ ਦੇ ਸੌਦਾਗਰਾਂ ਨੂੰ ਪੁਲਿਸ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ੇਗੀ : ਡੀਆਈਜੀ ਬਠਿੰਡਾ ਰੇਂਜ
ਅਸ਼ੋਕ ਵਰਮਾ
ਬਠਿੰਡਾ, 21 ਮਾਰਚ 2026 : ਨਸ਼ਾ ਮੁਕਤ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਉਪਰੰਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਬਠਿੰਡਾ, ਬਰਨਾਲਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਵਿਧਾਇਕ, ਮਾਲਵਾ ਜੋਨ ਦੇ ਇੰਚਾਰਜ ਸ੍ਰੀ ਚਸਪਿੰਦਰ ਸਿੰਘ ਚਹਿਲ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਸ. ਹਰਜੀਤ ਸਿੰਘ, ਐੱਸ ਐੱਸ ਪੀ ਡਾ ਜਯੋਤੀ ਯਾਦਵ ਬੈਂਸ ਆਦਿ ਹਾਜ਼ਰ ਸਨ।
ਇਸ ਮੌਕੇ ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਹੀ ਖੁਸ਼ਹਾਲ ਅਤੇ ਤੰਦਰੁਸਤ ਸਮਾਜ ਦੀ ਪਹਿਚਾਣ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਇਹ ਮਕਸਦ ਹਾਸਲ ਕੀਤਾ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਆਪ ਸਭ ਦੇ ਸਹਿਯੋਗ ਅਤੇ ਜ਼ਿੰਮੇਵਾਰੀ ਨਾਲ ਹੀ ਸਫਲਤਾ ਮਿਲੇਗੀ।
ਇਸ ਮੌਕੇ ਸ੍ਰੀ ਸਿਸੋਦੀਆ ਨੇ ਇਹ ਵੀ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਆਪਣੀ ਸਹੀ ਜਾਣਕਾਰੀ ਮੁਹਈਆ ਕਰਵਾ ਕੇ ਆਪਣੀ ਜਿੰਮੇਵਾਰੀ ਨਿਭਾਉਣ। ਉਹਨਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਉਹਨਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਇਸ ਮੁਹਿੰਮ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੀਆਂ ਨਸਲਾਂ ਨੂੰ ਬਚਾ ਸਕਦੇ ਹਾਂ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ, ਪਰ ਨਸ਼ੇ ਉਨ੍ਹਾਂ ਦੀ ਤਾਕਤ ਨੂੰ ਕਮਜ਼ੋਰ ਕਰ ਰਹੇ ਹਨ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕੋ ਇੱਕ ਉਦੇਸ਼ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਹੈ। ਉਹਨਾਂ ਕਿਹਾ ਕਿ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲੇ ਦੇ ਨੌਜਵਾਨ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਸਨ, ਦੇ ਮੁੜ ਵਸੇਵੇ ਲਈ ਕਿੱਤਾ ਮੁਖੀ ਕੋਰਸ ਮੁਹਈਆ ਕਰਵਾ ਕੇ ਉਹਨਾਂ ਨੂੰ ਦੁਬਾਰਾ ਪੈਰਾਂ ਸਿਰ ਖੜੇ ਕਰਨ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਉਹਨਾਂ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ, ਕਸਰਤ ਅਤੇ ਸਹੀ ਜੀਵਨ ਸ਼ੈਲੀ ਅਪਣਾਉਣ ਨਾਲ ਨਸ਼ਿਆਂ ਤੋਂ ਬਚਿਆ ਜਾ ਸਕਦਾ ਹੈ। ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਕਿਹਾ ਕਿ ਬਠਿੰਡਾ ਪੁਲਿਸ ਨੇ ਪੂਰੀ ਨਜ਼ਰਸਾਨੀ ਨਾਲ ਨਸ਼ੇ ਦੇ ਸੌਦਾਗਰਾਂ 'ਤੇ ਬਾਜ ਅੱਖ ਰੱਖੀ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ 'ਤੇ ਨਾਕੇ ਲਗਾਏ ਹੋਏ ਹਨ ਤੇ ਪੂਰੀ ਚੌਕਸੀ ਦੇ ਨਾਲ ਆਪਣਾ ਕੰਮ ਕਰ ਰਹੀ ਹੈ। ਇਸ ਦੌਰਾਨ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਤਸਕਰ ਨਸ਼ੇ ਦੀ ਵਿਕਰੀ ਕਰਦਾ ਹੈ ਤਾਂ ਤੁਰੰਤ ਆ ਕੇ ਜਾਣਕਾਰੀ ਪੁਲਿਸ ਨੂੰ ਦੇਵੇ ਅਤੇ ਉਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਬਠਿੰਡਾ ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ' ਨਹੀਂ ਬਖਸ਼ੇਗੀ ਅਤੇ ਉਹਨਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਹੀ ਸਾਹ ਲਵੇਗੀ।
ਇਸ ਮੌਕੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
Click to Follow Babushahi Facebook Page →