ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਨ ਦਾ ਵਿਰੋਧ
ਅਸ਼ੋਕ ਵਰਮਾ
ਬਠਿੰਡਾ,21 ਮਾਰਚ 2026 : ਸਿੱਖਿਆ ਵਿਭਾਗ ਨੇ ਪਿਛਲੇ ਸਾਲ ਔਨਲਾਈਨ ਪ੍ਰਣਾਲੀ ਰਾਹੀਂ ਬਦਲੀਆਂ ਕਰਵਾ ਚੁੱਕੇ ਪਰ ਸਟਾਫ ਘੱਟ ਹੋਣ ਦੀ ਸ਼ਰਤ ਹੋਣ ਕਾਰਨ ਰਿਲੀਵ ਨਾ ਹੋਣ ਵਾਲੇ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ|ਇਸ ਫੈਸਲੇ ਦਾ ਵਿਰੋਧ ਕਰਦਿਆਂ ਅਧਿਆਪਕਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਆਪਣੇ ਘਰਾਂ ਤੋਂ ਦੋ-ਦੋ ਸੌ ਕਿਲੋਮੀਟਰ ਦੂਰ ਦੂਜਿਆਂ ਜ਼ਿਲ੍ਹਿਆਂ ਵਿੱਚ ਬੈਠੇ ਅਧਿਆਪਕਾਂ ਦੀਆਂ ਜਦ ਆਪਣੇ ਘਰਾਂ ਦੇ ਨੇੜੇ ਖਾਲੀ ਸਟੇਸ਼ਨਾਂ 'ਤੇ ਬਦਲੀਆਂ ਹੋਈਆਂ ਤਾਂ ਉਹਨਾਂ ਨੂੰ ਸੁੱਖ ਦਾ ਸਾਹ ਆਇਆ ਪਰ ਵਿਭਾਗ ਨੇ ਉਹਨਾਂ ਉੱਪਰ ਸਕੂਲ ਵਿੱਚ 50% ਤੋਂ ਘੱਟ ਹੋਣ ਦੀ ਸ਼ਰਤ ਲਗਾ ਕੇ ਰਿਲੀਵ ਕਰਨ ਤੋਂ ਰੋਕ ਦਿੱਤਾ ਹੈ ।
ਉਹਨਾਂ ਕਿਹਾ ਕਿ ਇਸ ਮਸਲੇ ਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫਦ ਡੀ.ਐੱਸ.ਈ. ਅਤੇ ਬਦਲੀ ਸੈੱਲ ਦੇ ਅਫਸਰਾਂ ਨੂੰ ਮਿਲ ਕੇ ਅਨੇਕਾਂ ਵਾਰ ਮੰਗ ਕੀਤੀ ਹੈ ਕਿ ਉਹਨਾਂ ਅਧਿਆਪਕਾਂ ਨੂੰ ਬਦਲੀ ਵਾਲੇ ਸਕੂਲ ਲਈ ਰਿਲੀਵ ਕੀਤਾ ਜਾਵੇ ਪਰ ਹੁਣ ਇੱਕ ਸਾਲ ਬਾਅਦ ਉਹਨਾਂ ਨੂੰ ਰਿਲੀਵ ਕਰਨ ਦੀਆਂ ਥਾਂ ਸਿੱਖਿਆ ਵਿਭਾਗ ਨੇ ਉਹਨਾਂ ਦੀਆਂ ਬਦਲੀਆਂ ਰੱਦ ਕਰਨ ਦਾ ਪੱਤਰ ਕੱਢਿਆ ਹੈ। ਬਲਾਕ ਪ੍ਰਧਾਨ ਭੂਪਿੰਦਰ ਸਿੰਘ,ਭੋਲਾ ਰਾਮ, ਬਲਕਰਨ ਕੋਟ ਸ਼ਮੀਰ, ਵਿਕਾਸ ਗਰਗ, ਰਾਜਵਿੰਦਰ ਜਲਾਲ, ਅਤੇ ਕੁਲਵਿੰਦਰ ਵਿਰਕ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਬਦਲੀ ਕਰਵਾਉਣਾ ਕੋਈ ਖਾਲਾਜੀ ਦਾ ਵਾੜਾ ਨਹੀਂ, ਉਹਨਾਂ ਅਧਿਆਪਕਾਂ ਨੇ ਸਰਕਾਰ ਵੱਲੋਂ ਬਣਾਈ ਪਾਲਿਸੀ ਰਾਹੀਂ ਮੈਰਿਟ ਦੇ ਅਧਾਰ ਤੇ ਬਦਲੀ ਹੋਈ ਸੀ । ਇਸ ਲਈ ਬਦਲੀਆਂ ਰੱਦ ਕਰਨ ਦਾ ਫ਼ੈਸਲਾ ਉਹਨਾਂ ਦੇ ਬਦਲੀ ਕਰਵਾਉਣ ਦੇ ਅਧਿਕਾਰ ਤੇ ਡਾਕਾ ਹੈ ਅਤੇ ਬਦਲੀ ਹੋਣ ਵਾਲੇ ਅਧਿਆਪਕਾਂ ਨਾਲ ਬੇਇਨਸਾਫ਼ੀ ਹੈ।ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਗਲੇ ਸੈਸ਼ਨ ਦੇ ਸ਼ੁਰੂ ਵਿੱਚ ਹੀ ਬਦਲੀਆਂ ਲਈ ਅਰਜ਼ੀਆਂ ਮੰਗ ਕੇ ਮੈਰਿਟ ਦੇ ਅਧਾਰ 'ਤੇ ਬਦਲੀਆਂ ਕੀਤੀਆਂ ਜਾਣ ਤਾਂ ਜੋ ਸੈਸ਼ਨ ਦੇ ਸ਼ੁਰੂ ਤੋਂ ਵਿਦਿਆਰਥੀਆਂ ਨੂੰ ਅਧਿਆਪਕ ਮਿਲ ਸਕਣ |
Click to Follow Babushahi Facebook Page →