ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਦੇ ਬੈਕਲਾਗ ਨੂੰ ਖ਼ਤਮ ਕਰਨ ਦੇ ਹੁਕਮ; ਦੇਰੀ ਕਰਨ ਵਾਲੇ ਅਧਿਕਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ
ਭਗਵੰਤ ਮਾਨ ਸਰਕਾਰ ਵੱਲੋਂ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਚੀਮਾ
ਦੇਰੀ ਵਾਲੀਆਂ ਅਰਜ਼ੀਆਂ ਦੀ ਸਖ਼ਤ ਨਿਗਰਾਨੀ ਦੇ ਹੁਕਮ; ਟਰਾਂਸਪੋਰਟ ਵਿਭਾਗ ਵਿੱਚ ਲੰਬਿਤ ਕੰਮਾਂ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਨੇ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਦੀ ਛਪਾਈ ਦਾ ਬੈਕਲਾਗ ਕਲੀਅਰ ਕਰਨ ਨੂੰ ਦਿੱਤੀ ਪਹਿਲ, ਡਿਜੀਟਲ ਅਤੇ ਫੇਸਲੈੱਸ ਸੇਵਾਵਾਂ ਕੀਤੀਆਂ ਮਜ਼ਬੂਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਪ੍ਰੈਲ 2026- ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।"
ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।"
ਉਨ੍ਹਾਂ ਅੱਗੇ ਕਿਹਾ, "ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।"
ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।"
ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।"
ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।"
ਉਨ੍ਹਾਂ ਅੱਗੇ ਕਿਹਾ, "ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ 'ਤੇ ਵੀ ਕੰਮ ਕਰ ਰਹੇ ਹਾਂ।"
Click to Follow Babushahi Facebook Page →