ਭਾਜਪਾ ਦੇ ਚੰਡੀਗੜ੍ਹ ਵਾਲੇ ਮੁੱਖ ਦਫ਼ਤਰ ’ਤੇ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ
ਅਸ਼ੋਕ ਵਰਮਾ
ਬਠਿੰਡਾ, 3 ਅਪ੍ਰੈਲ 2026 : ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਹਮਲੇ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਸਥਾਨਕ ਫਾਇਰ ਬ੍ਰਿਗੇਡ ਚੌਕ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਲੀਆਂ ਪੱਟੀਆਂ ਬੰਨੇ ਹੋਏ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰਾਜ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ।ਇਹ ਪ੍ਰਦਰਸ਼ਨ ਭਾਜਪਾ ਦੇ ਰਾਸ਼ਟਰੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਐਡਵੋਕੇਟ ਗਰਗ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਖਤਮ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਰਾਜ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕਰਦੀਆਂ ਹਨ। ਕਦੇ ਡਾ. ਭੀਮਰਾਓ ਅੰਬੇਡਕਰ ਦੀਆਂ ਮੂਰਤੀਆਂ ਨੂੰ ਖੰਡਿਤ ਕੀਤਾ ਜਾਂਦਾ ਹੈ ਤੇ ਕਦੇ ਧਾਰਮਿਕ ਅਤੇ ਰਾਜਨੀਤਿਕ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਹਾਲ ਹੀ ਵਿੱਚ ਚੰਡੀਗੜ੍ਹ ਸਥਿਤ ਭਾਜਪਾ ਮੁੱਖ ਦਫ਼ਤਰ ’ਤੇ ਹੋਇਆ ਹਮਲਾ ਵੀ ਏਸੇ ਕੜੀ ਦਾ ਹਿੱਸਾ ਹੈ, ਜੋ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸ਼ੁਕਰ ਹੈ ਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਇਹ ਦਰਸਾਉਂਦੀਆਂ ਹਨ ਕਿ ਰਾਜ ਵਿੱਚ ਅਸਮਾਜਿਕ ਅਤੇ ਅੱਤਵਾਦੀ ਤੱਤ ਸਰਗਰਮ ਹਨ। ਪ੍ਰੰਤੂ ਭਾਜਪਾ ਨੇ ਪੰਜਾਬ ਦੇ ਸਮਾਜਿਕ ਸੁਹਾਰਦ, ਆਪਸੀ ਭਾਈਚਾਰੇ ਅਤੇ ਅਮਨ ਸ਼ਾਂਤੀ ਤੇ ਪਹਿਰਾ ਦਿੱਤਾ ਹੈ ਤੇ ਦਿੰਦੀ ਰਹੇਗੀ। ਭਾਜਪਾ ਕਿਸੇ ਵੀ ਕੀਮਤ ਤੇ ਆਪਸੀ ਭਾਈਚਾਰੇ ਅਤੇ ਅਮਨ ਸ਼ਾਂਤੀ ਨੂੰ ਆਂਚ ਨਹੀਂ ਆਉਣ ਦੇਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਨ੍ਹਾਂ ਘਟਨਾਵਾਂ ’ਤੇ ਕੋਈ ਢੁੱਕਵੀਂ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਮੂਕ ਦਰਸ਼ਕ ਬਣੀ ਹੋਈ ਹੈ।
ਭਾਜਪਾ ਆਗੂ ਨੇ ਕਿਹਾ ਕਿ ਕਿਸੇ ਵੀ ਰਾਜ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਬੁਨਿਆਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਪੰਜਾਬ ਸਰਕਾਰ ਇਸ ਮੋਰਚੇ ’ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਵਰਗੇ ਸਖਤ ਕਦਮਾਂ ’ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਮੇਸ਼ ਸ਼ਰਮਾ, ਬਲਦੇਵ ਸਿੰਘ ਅਕਲੀਆ, ਜਤਿੰਦਰ ਅਰੋੜਾ, ਰਾਕੇਸ਼ ਬਾਂਸਲ, ਦੀਪਕ ਕਲੋਈ, ਰਾਜੇਸ਼ ਬਾਂਸਲ, ਸ਼ਾਮ ਸੁੰਦਰ ਅਗਰਵਾਲ, ਸਰੋਜ ਰਾਣੀ, ਸੀਮਾ ਰਾਣੀ, ਸੀਮਾ ਸ਼ਰਮਾ ਆਦੀ ਵੀ ਮੌਜੂਦ ਸਨ।
Click to Follow Babushahi Facebook Page →