ਅਕਾਲੀ ਦਲ 'ਤੇ CM ਮਾਨ ਦਾ ਵੱਡਾ ਹਮਲਾ; ਸੁਖਬੀਰ ਬਾਦਲ ਨੂੰ ਦੱਸਿਆ 'ਬੰਦ ਬੁੱਧੀ'
ਅਕਾਲੀਆਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ- ਮਾਨ ਦਾ ਦੋਸ਼
ਹੁਸ਼ਿਆਰਪੁਰ, 7 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਨੂੰ ਰੜ੍ਹਕੇ ਹੱਥੀਂ ਲਿਆ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਪੰਜਾਬ ਨੂੰ ਲੁੱਟਣ ਅਤੇ ਆਪਸੀ ਮਿਲੀਭੁਗਤ ਦੇ ਗੰਭੀਰ ਇਲਜ਼ਾਮ ਲਗਾਏ।
CM ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਹੈ। ਉਨ੍ਹਾਂ ਮੁਤਾਬਕ ਅਕਾਲੀ ਆਗੂ ਸਿਰਫ਼ "ਨੀਅਤ ਦੇ ਭੁੱਖੇ" ਹਨ। ਇੱਕ ਗੰਭੀਰ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਸਮੇਂ 'ਲਾਲ ਬੱਤੀ' ਵਾਲੀਆਂ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ।
ਸੁਖਬੀਰ ਸਿੰਘ ਬਾਦਲ 'ਤੇ ਨਿੱਜੀ ਹਮਲਾ ਕਰਦਿਆਂ ਮਾਨ ਨੇ ਕਿਹਾ, "ਲੋਕ ਉਨ੍ਹਾਂ ਨੂੰ ਮੰਦਬੁਧੀ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਕਿ ਉਹ 'ਬੰਦ ਬੁੱਧੀ' ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਸਮਝ ਨਹੀਂ।"
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕੈਪਟਨ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ 10 ਵਾਰ ਹੀ ਪੰਜਾਬ (ਜਨਤਾ ਦੇ ਵਿਚਕਾਰ) ਆਏ ਸਨ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਅਤੇ ਅਕਾਲੀ ਦਲ ਅੰਦਰੋਂ ਇੱਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਕਦੇ ਵੀ ਇੱਕ-ਦੂਜੇ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਨਹੀਂ ਉਠਾਈ ਕਿਉਂਕਿ ਇਨ੍ਹਾਂ ਦੀ ਸਾਂਝੀ ਰਣਨੀਤੀ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵੇਲੇ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ ਅਤੇ ਉਨ੍ਹਾਂ ਦੇ ਲੀਡਰਾਂ ਵਿੱਚ ਕੋਈ ਤਾਲਮੇਲ ਨਹੀਂ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ AAP ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ AAP ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀਆਂ ਸਹੂਲਤਾਂ (ਬਿਜਲੀ, ਸਿਹਤ ਅਤੇ ਸਿੱਖਿਆ) 'ਤੇ ਖਰਚ ਕਰ ਰਹੀ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੀਆਂ ਤਿਜੋਰੀਆਂ ਭਰੀਆਂ ਸਨ।
Click to Follow Babushahi Facebook Page →