ਵਿਸਾਖੀ ਮੇਲੇ ਦੌਰਾਨ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਫਸਰਾਂ ਨੇ ਸਿਰ ਜੋੜੇ
ਯਾਤਰੀਆਂ ਲਈ ਕੰਟਰੋਲ ਰੂਮ 01655-220241, 0165-220249 ਸਥਾਪਿਤ*
ਅਧਿਕਾਰੀਆਂ ਨੂੰ 24 ਘੰਟੇ ਪਾਣੀ ਸਪਲਾਈ ਅਤੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼
ਅਸ਼ੋਕ ਵਰਮਾ
ਤਲਵੰਡੀ ਸਾਬੋ, 11 ਅਪ੍ਰੈਲ 2026 :ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਅਤੇ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਦੇ ਪ੍ਰਬੰਧਕਾਂ ਨਾਲ ਵਿਸਾਖੀ ਮੇਲੇ ਦੌਰਾਨ ਉਚਿਤ ਪ੍ਰਬੰਧ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ, ਇਸ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕ 01655-220241, 01655-220249 ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਹੋਰ ਦੱਸਿਆ ਕਿ ਯਾਤਰੀਆਂ ਦੀ ਸਹਾਇਤਾ ਲਈ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ 30 ਮੈਂਬਰੀ ਟੀਮ ਵੀ ਤੈਨਾਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ 24 ਘੰਟੇ ਉਪਲਬਧਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਯਾਤਰੀਆਂ ਨੂੰ ਲੈ ਕੇ ਆਉਣ ਵਾਲੀਆਂ ਵਾਹਨਾਂ ਦੀ ਆਵਾਜਾਈ ਸੁਚਾਰੂ ਬਣਾਉਣ ਲਈ ਸ਼ਹਿਰ ਵਿੱਚ ਛੇ ਥਾਵਾਂ ‘ਤੇ ਅਸਥਾਈ ਬੱਸ ਅੱਡੇ ਬਣਾਏ ਗਏ ਹਨ। ਸੜਕਾਂ ਦੀ ਸਫ਼ਾਈ ਲਈ ਰੋਡ ਸਵੀਪਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਿਯਮਿਤ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਅੱਗ ਬੁਝਾਊ ਗੱਡੀਆਂ ਨੂੰ ਮਹੱਤਵਪੂਰਨ ਥਾਵਾਂ ‘ਤੇ ਤੈਨਾਤ ਕੀਤਾ ਗਿਆ ਹੈ।ਇਸ ਮੌਕੇ ਏਡੀਸੀ (ਜੀ) ਕੰਚਨ, ਐੱਸ ਡੀ ਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਐੱਸ ਪੀ ਜਗਦੀਸ਼ ਬਿਸ਼ਨੋਈ, ਐੱਸਪੀ ਨਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Click to Follow Babushahi Facebook Page →