ਨਰਿੰਦਰ ਕੌਰ ਭਰਾਜ ਵੱਲੋਂ ਉਪਲੀ ਰੋਡ ਵਿਖੇ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ
1.35 ਕਿਲੋਮੀਟਰ ਲੰਬੇ ਰਸਤੇ 'ਤੇ ਟਾਈਲਾਂ ਲਾਉਣ ਦਾ ਪ੍ਰੋਜੈਕਟ ਲੋਕਾਂ ਨੂੰ ਦੇਵੇਗਾ ਵੱਡੀ ਸਹੂਲਤ
ਦਲਜੀਤ ਕੌਰ
ਸੰਗਰੂਰ, 16 ਅਪ੍ਰੈਲ, 2026: ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਉਪਲੀ ਰੋਡ ਵਿਖੇ ਲਗਭਗ 1.35 ਕਿਲੋਮੀਟਰ ਤਕ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭਾਰੰਭ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੌਖਾ ਅਤੇ ਸੁਰੱਖਿਅਤ ਬਣਾਏਗਾ।
ਉਨ੍ਹਾਂ ਦੱਸਿਆ ਕਿ ਸੜਕਾਂ ਦੇ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ ਸੜਕ ਦੀ ਮਜ਼ਬੂਤੀ ਵਧੇਗੀ, ਸਗੋਂ ਮਿੱਟੀ ਦੇ ਕਟਾਅ ਤੋਂ ਵੀ ਬਚਾਅ ਹੋਵੇਗਾ ਅਤੇ ਬਰਸਾਤ ਦੇ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਨਾਲ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਸੁਵਿਧਾ ਪ੍ਰਾਪਤ ਹੋਵੇਗੀ।
ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਤਰਜੀਹ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਹਰ ਇਲਾਕੇ ਵਿੱਚ ਬਰਾਬਰ ਤਰੱਕੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਮੌਕੇ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਲਾਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
Click to Follow Babushahi Facebook Page →