ਡਿਪਟੀ ਕਮਿਸ਼ਨਰ ਨੇ ਸਿਹਤ ਬੀਮਾ ਕਾਰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
*ਕਿਹਾ, 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਸਹੂਲਤ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇ*
ਪ੍ਰਮੋਦ ਭਾਰਤੀ
ਨਵਾਂਸ਼ਹਿਰ 21 ਅਪ੍ਰੈਲ, 2026
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਸਿਹਤ ਵਿਭਾਗ ਅਤੇ ਸਬੰਧਤ ਏਜੰਸੀ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਸਿਹਤ ਕਾਰਡ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਮੌਕੇ 'ਤੇ ਹੀ ਬਣਾਏ ਜਾਣ।
ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਸਾਲਾਨਾ ਕੈਸ਼ਲੈੱਸ ਮੁਫ਼ਤ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ। ਇਸ ਸਹੂਲਤ ਦਾ ਲਾਭ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਪ੍ਰਤੀ ਜਾਗਰੂਕ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਸਿਹਤ ਕਾਰਡ ਅਜੇ ਤੱਕ ਨਹੀਂ ਬਣੇ, ਉਹ ਆਧਾਰ ਕਾਰਡ, ਅਤੇ ਰਾਸ਼ਨ ਕਾਰਡ/ ਵੋਟਰ ਕਾਰਡ (ਪਰਿਵਾਰ ਪਛਾਣ ਪੱਤਰ) ਲੈ ਕੇ ਨਜ਼ਦੀਕੀ ਸੇਵਾ ਕੇਂਦਰ, ਸੀਐਸਸੀ ਜਾਂ ਸਿਹਤ ਕੇਂਦਰ 'ਤੇ ਸੰਪਰਕ ਕਰਨ।
ਇਸ ਮੌਕੇ ਏਡੀਸੀ (ਵਿਕਾਸ)ਅਵਨੀਤ ਕੌਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Click to Follow Babushahi Facebook Page →