ਆਮ ਆਦਮੀ ਪਾਰਟੀ ਛੱਡਣ ਵਾਲੇ ਸੱਤ ਰਾਜ ਸਭਾ ਮੈਂਬਰਾਂ ਵਿਰੁੱਧ 'ਆਪ' ਵਲੰਟੀਅਰਾਂ ਨੇ ਰੋਸ ਵਿਖਾਵਾ ਕੀਤਾ
ਚੁਣੇ ਹੋਏ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ 26 ਅਪ੍ਰੈਲ
'ਆਪ' ਵਲੰਟੀਅਰਾਂ ਨੇ ਆਮ ਆਦਮੀ ਪਾਰਟੀ ਛੱਡਣ ਵਾਲੇ ਸੱਤ ਰਾਜ ਸਭਾ ਮੈਂਬਰਾਂ ਵਿਰੁੱਧ ਡਾਕਖਾਨਾ ਚੌਕ ਵਿੱਚ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਰਾਘਵ ਚੱਡਾ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਵੱਡੀ ਗਿਣਤੀ ਵਿੱਚ 'ਆਪ' ਵਲੰਟੀਅਰਾਂ ਦੇ ਨਾਲ ਮੌਜੂਦ ਸਨ।
ਬਹਿਲ ਨੇ ਕਿਹਾ ਕਿ ਪੰਜਾਬ ਤੋਂ ਚੁਣੇ ਗਏ ਸੱਤ ਰਾਜ ਸਭਾ ਮੈਂਬਰਾਂ ਨੇ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨਾ ਸਾੰਸਦਾਂ ਦੇ ਵਿਰੁੱਧ ਕੀਤਾ ਜਾ ਰਿਹਾ ਹੈ ਇਹ ਵਿਰੋਧ ਸਿਰਫ਼ ਪ੍ਰਤੀਕਾਤਮਕ ਸੀ। ਉਨ੍ਹਾਂ ਵਿਰੁੱਧ ਲੰਬੇ ਸਮੇਂ ਦੀ ਲੜਾਈ ਦੀ ਲੋੜ ਹੈ ਅਤੇ ਇਹ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਨਾਲ ਖੜ੍ਹੀ ਹੈ। ਮਾਨ ਸਰਕਾਰ ਦਾ ਉਦੇਸ਼ ਸਾਫ਼-ਸੁਥਰੀ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਦਾ ਵਿਕਾਸ ਕਰਨਾ ਹੈ।
ਬਹਿਲ ਨੇ ਕਿਹਾ ਕਿ ਇਨ੍ਹਾਂ ਸੱਤ ਰਾਜ ਸਭਾ ਮੈਂਬਰਾਂ ਨੇ ਜੋ ਕੀਤਾ ਹੈ ਉਹ ਦੇਸ਼ਧ੍ਰੋਹ ਹੈ। ਪੰਜਾਬ ਕੁਰਬਾਨੀ ਅਤੇ ਤਪੱਸਿਆ ਦੀ ਧਰਤੀ ਹੈ। ਇਸ ਧਰਤੀ 'ਤੇ ਗੱਦਾਰਾਂ ਲਈ ਕੋਈ ਥਾਂ ਨਹੀਂ ਹੈ। ਸਾਨੂੰ ਇਹ ਵਿਰਾਸਤ ਆਪਣੇ ਗੁਰੂਆਂ ਅਤੇ ਪੀਰਾਂ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਈਡੀ, ਸੀਬੀਆਈ ਅਤੇ ਪੈਸੇ ਨਾਲ ਉਨ੍ਹਾਂ ਨੂੰ ਲਾਲਚ ਦੇ ਕੇ ਸਸਤੀ ਰਾਜਨੀਤੀ ਖੇਡ ਰਹੀ ਹੈ। ਪਾਰਟੀ ਛੱਡਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਨ੍ਹਾਂ ਨੂੰ ਮਾਨਤਾ ਦੇਣ ਵਾਲੀ ਪਾਰਟੀ ਨਾਲ ਧੋਖਾ ਕਰਨਾ ਗਲਤ ਹੈ। ਜੇਕਰ ਉਹ ਜਾਣਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਪਹਿਲਾਂ ਅਸਤੀਫਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਾਨੂੰਨੀ ਲੜਾਈ ਲੜਨੀ ਪਈ ਤਾਂ ਉਹ ਵੀ ਲੜੀ ਜਾਵੇਗੀ। ਇਨ੍ਹਾਂ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਜਾਵੇਗੀ।
Click to Follow Babushahi Facebook Page →