ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ - ਹਰਚੰਦ ਸਿੰਘ ਬਰਸਟ
--- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ - ਮੰਡੀਆਂ ਵਿੱਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਬਾਬੂਸ਼ਾਹੀ ਬਿਊਰੋ
ਐਸ.ਏ.ਐਸ. ਨਗਰ (ਮੋਹਾਲੀ), 28 ਅਪ੍ਰੈਲ 2026 ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 100 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 32,80,745 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,92,657 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 25,94,649 ਮੀਟ੍ਰਿਕ ਟਨ, ਪਨਸਪ ਵੱਲੋਂ 22,98,015 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 16,34,076 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 85,110 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਚੇਅਰਮੈਨ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 4.23 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 4.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 21422 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 983 ਆਰਜੀ ਮੰਡੀਆਂ ਬਣਾਈਆ ਗਈਆਂ ਹਨ। ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
Click to Follow Babushahi Facebook Page →