ਖੰਨਾ: ਅੰਮ੍ਰਿਤਪਾਲ ਸਿੰਘ ਦੀ ਰਿਹਾਈ 'ਚ ਦੇਰੀ ਨੂੰ ਤਰਸੇਮ ਸਿੰਘ ਨੇ ਦੱਸਿਆ 'ਸਰਕਾਰੀ ਧੱਕੇਸ਼ਾਹੀ'; ਪੰਥਕ ਏਕਤਾ ਲਈ ਹੋਈਆਂ ਅਹਿਮ ਮੀਟਿੰਗਾਂ
Ravinder Singh
ਖੰਨਾ 28 ਅਪ੍ਰੈਲ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਥਾਪਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਅੱਜ ਖੰਨਾ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਿਆਸਤ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਗਠਜੋੜ ਦੇ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਤਰਸੇਮ ਸਿੰਘ ਖਾਲਸਾ ਨੇ ਦੱਸਿਆ ਕਿ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਤਿਆਰ ਕਰਨ ਲਈ 'ਪੰਥਕ ਗਠਜੋੜ' 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਾਈ ਗਈ ਤਾਲਮੇਲ ਕਮੇਟੀ ਦੀਆਂ ਹੁਣ ਤੱਕ ਦੋ ਅਹਿਮ ਮੀਟਿੰਗਾਂ ਹੋ ਚੁੱਕੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਅੱਗੇ ਸ਼ਰਤਾਂ ਅਤੇ ਸੁਝਾਅ ਰੱਖੇ ਗਏ ਹਨ। ਉਨ੍ਹਾਂ ਉਮੀਦ ਜਤਾਈ ਕਿ ਜਲਦ ਹੀ ਪੰਜਾਬ ਵਿੱਚ ਇੱਕ ਮਜ਼ਬੂਤ ਪੰਥਕ ਗੱਠਜੋੜ ਵੇਖਣ ਨੂੰ ਮਿਲੇਗਾ।
NSA ਹਟਣ ਦੇ ਬਾਵਜੂਦ ਰਿਹਾਈ ਨਾ ਹੋਣਾ 'ਜਬਰ-ਜ਼ੁਲਮ'
ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਬਾਅਦ ਐਨ.ਐਸ.ਏ. (NSA) ਹਟਾ ਦਿੱਤਾ ਗਿਆ ਹੈ, ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਦਿਬੜੂਗੜ੍ਹ ਜੇਲ੍ਹ ਵਿੱਚ ਰੱਖ ਰਹੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਕੀਤੀ ਗਈ ਮੰਗ 'ਤੇ ਉਨ੍ਹਾਂ ਕਿਹਾ ਕਿ ਇਹ ਨਿਆਂ ਦੀ ਮੰਗ ਹੈ ਜੋ ਉਹ ਪਹਿਲੇ ਦਿਨ ਤੋਂ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਕਿਸੇ ਪੱਕੇ ਦੋਸ਼ ਦੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਸਰਕਾਰ ਦੀ ਧੱਕੇਸ਼ਾਹੀ ਅਤੇ ਜਬਰ ਦੀ ਨਿਸ਼ਾਨੀ ਹੈ।
ਤਰਸੇਮ ਸਿੰਘ ਨੇ ਜੇਲ੍ਹਾਂ ਦੇ ਅੰਦਰ ਕੈਦੀਆਂ ਨਾਲ ਹੋ ਰਹੇ ਦੁਰਵਿਵਹਾਰ 'ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਬਾਜੇਕੇ ਨਾਲ ਜੁੜੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਜ਼ਿਆਦਤੀ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਪਾਲਣਾ ਹੋਣੀ ਚਾਹੀਦੀ ਹੈ ਅਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਹੋਵੇ।
ਗੱਲਬਾਤ ਦੇ ਅਖੀਰ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਇਨਸਾਫ਼ ਦੀ ਇਹ ਲੜਾਈ ਕਿਸੇ ਵੀ ਕੀਮਤ 'ਤੇ ਰੁਕੇਗੀ ਨਹੀਂ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਹੱਕਾਂ ਲਈ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਵੋਟਾਂ ਰਾਹੀਂ ਦੇਣਗੇ।
Click to Follow Babushahi Facebook Page →