ਟ੍ਰਾਈਡੈਂਟ ਗਰੁੱਪ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਪ੍ਰਦੂਸ਼ਣ ਬੋਰਡ ਦੀ ਕਾਰਵਾਈ 'ਤੇ 4 ਮਈ ਤੱਕ ਰੋਕ!
Babushahi Network
ਚੰਡੀਗੜ੍ਹ 1 ਮਈ, 2026: ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਮਸ਼ਹੂਰ ਕੰਪਨੀ ਟ੍ਰਾਈਡੈਂਟ ਲਿਮਟਿਡ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਪ੍ਰਦੂਸ਼ਣ ਬੋਰਡ ਵੱਲੋਂ ਹਾਈ ਕੋਰਟ ਵਿੱਚ ਇਹ ਭਰੋਸਾ ਦਿੱਤਾ ਗਿਆ ਕੀ 4 ਮਈ ਭਾਵ ਅਗਲੀ ਸੁਣਵਾਈ ਤੱਕ ਬੋਰਡ ਵੱਲੋਂ ਕੰਪਨੀ ਖਿਲਾਫ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾਵੇਗੀ .Trident ਗਰੁੱਪ ਵੱਲੋਂ ਬੋਰਡ ਦੇ 30 ਕਰਮਚਾਰੀਆਂ ਅਤੇ ਅਫ਼ਸਰਾਂ ਦੀ ਟੀਮ ਵੱਲੋਂ ਗਰੁੱਪ ਦੇ ਧੌਲਾ ਕੰਪਲੈਕਸ ਤੇ ਮਾਰੇ ਅਚਾਨਕ ਛਾਪੇ ਨੂੰ ਚੁਣੌਤੀ ਦਿੱਤੀ ਸੀ .
ਇਸ ਗਰੁੱਪ ਅਤੇ ਪੰਜਾਬ ਸਰਕਾਰ ਵਿਚਾਲੇ ਹੁਣ ਕਾਨੂੰਨੀ ਲੜਾਈ ਸ਼ੁਰੂ ਹੋ ਗਈ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵੱਲੋਂ ਬਰਨਾਲਾ ਯੂਨਿਟ 'ਤੇ ਮਾਰੇ ਗਏ ਛਾਪੇ ਨੂੰ ਕੰਪਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ 'ਤੇ ਅੱਜ ਅਦਾਲਤ ਨੇ ਅਹਿਮ ਸੁਣਵਾਈ ਕੀਤੀ।
ਸ਼ੁੱਕਰਵਾਰ ਨੂੰ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਹੋਈ ਸੁਣਵਾਈ ਦੌਰਾਨ ਦੋਵਾਂ ਪੱਖਾਂ ਵੱਲੋਂ ਤਿੱਖੀ ਬਹਿਸ ਹੋਈ। ਕੰਪਨੀ ਵੱਲੋਂ ਪੇਸ਼ ਹੋਈ ਸੀਨੀਅਰ ਐਡਵੋਕੇਟ ਮਨੀਸ਼ਾ ਗਾਂਧੀ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਅਨੁਸਾਰ ਕਿਸੇ ਵੀ ਨਿਰੀਖਣ ਜਾਂ ਜਾਂਚ ਤੋਂ ਪਹਿਲਾਂ ਘੱਟੋ-ਘੱਟ 15 ਦਿਨਾਂ ਦਾ ਅਗਾਊਂ ਨੋਟਿਸ ਦੇਣਾ ਲਾਜ਼ਮੀ ਹੈ। ਉਨ੍ਹਾਂ ਨੇ ਬੋਰਡ ਦੀ ਇਸ ਕਾਰਵਾਈ ਨੂੰ "ਮਨਮਾਨੀ ਅਤੇ ਸਿਆਸਤ ਤੋਂ ਪ੍ਰੇਰਿਤ" ਕਰਾਰ ਦਿੱਤਾ।
ਦੂਜੇ ਪਾਸੇ, ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਡੀ.ਐੱਸ. ਪਟਵਾਲੀਆ ਨੇ ਅਦਾਲਤ ਵਿੱਚ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਕੰਪਨੀ ਵਿਰੁੱਧ ਕੋਈ ਵੀ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ। ਹਾਈਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ PPCB ਨੂੰ 'ਨੋਟਿਸ ਆਫ਼ ਮੋਸ਼ਨ' ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਈ, 2026 ਲਈ ਤੈਅ ਕੀਤੀ ਹੈ।
ਇਸ ਸਾਰੇ ਵਿਵਾਦ ਨੂੰ ਰਾਜਿੰਦਰ ਗੁਪਤਾ ਦੇ ਹਾਲੀਆ ਸਿਆਸੀ ਉਲਟਫੇਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ (AAP) ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਮੂਲੀਅਤ ਕੀਤੀ ਹੈ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਫੈਕਟਰੀ 'ਤੇ ਹੋਈ ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
Click to Follow Babushahi Facebook Page →