ਮੁੱਖ ਮੰਤਰੀ ਭਗਵੰਤ ਮਾਨ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਪਿੰਡ ਬੱਲ੍ਹੋ ਵਿੱਚ ਸ਼ਾਨਦਾਰ ਆਗਾਜ਼
ਮਹਿਲਾ ਸਰਪੰਚ ਅਮਰਜੀਤ ਕੌਰ ਨੇ ਪਹਿਲਾ ਰਜਿਸਟ੍ਰੇਸ਼ਨ ਕਰਵਾ ਕੇ ਕੀਤੀ ਯੋਜਨਾ ਦੀ ਸ਼ੁਰੂਆਤ
ਅਸ਼ੋਕ ਵਰਮਾ
ਰਾਮਪੁਰਾ ਫੂਲ 21 ਮਈ 2026 : ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਅਤੇ ਬੱਚੀਆਂ ਦੇ ਸਮਾਜਿਕ ਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਆਗਾਜ਼ ਅੱਜ ਪਿੰਡ ਬੱਲ੍ਹੋ ਵਿਖੇ ਬਹੁਤ ਹੀ ਉਤਸ਼ਾਹ ਨਾਲ ਕੀਤਾ ਗਿਆ। ਇਸ ਯੋਜਨਾ ਦੀ ਰਸਮੀ ਸ਼ੁਰੂਆਤ ਪਿੰਡ ਦੀ ਅਗਾਂਹਵਧੂ ਮਹਿਲਾ ਸਰਪੰਚ ਬੀਬੀ ਅਮਰਜੀਤ ਕੌਰ ਵੱਲੋਂ ਪਹਿਲਾ ਰਜਿਸਟ੍ਰੇਸ਼ਨ ਕਰਵਾ ਕੇ ਕੀਤੀ ਗਈ।ਇਸ ਵਿਸ਼ੇਸ਼ ਮੌਕੇ ਸਰਪੰਚ ਅਮਰਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸਹੀ ਮਾਇਨਿਆਂ ਵਿੱਚ ‘ਆਮ ਲੋਕਾਂ ਦੀ ਸਰਕਾਰ’ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਅਤੇ ਧੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੀਆਂ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਵੱਡਾ ਹੁੰਗਾਰਾ ਮਿਲੇਗਾ।"ਯੋਜਨਾ ਦੇ ਆਗਾਜ਼ ਮੌਕੇ ਵਿਭਾਗ ਦੀ ਸੁਪਰਵਾਈਜ਼ਰ ਪਰਮਜੀਤ ਕੌਰ ਅਤੇ ਸਥਾਨਕ ਆਂਗਣਵਾੜੀ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸੁਪਰਵਾਈਜ਼ਰ ਪਰਮਜੀਤ ਕੌਰ ਨੇ ਪਿੰਡ ਦੀਆਂ ਮਹਿਲਾਵਾਂ ਨੂੰ ਇਸ ਯੋਜਨਾ ਦੇ ਲਾਭ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚ ਕਰਕੇ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾਵੇਗਾ ਤਾਂ ਜੋ ਕੋਈ ਵੀ ਮਾਂ-ਧੀ ਇਸ ਸਹੂਲਤ ਤੋਂ ਵਾਂਝੀ ਨਾ ਰਹੇ। ਸੁਖਪਾਲ ਕੌਰ ਆਗਣਵਾੜੀ ਵਰਕਰ ਨੇ ਦੱਸਿਆ ਕਿ ਪਹਿਲੇ ਦਿਨ ਸਕੀਮ ਦਾ ਲਾਭ ਲੈਣ ਲਈ ਤਕਰੀਬਨ 40 ਔਰਤਾਂ ਦੀ ਰਜਿਸਟਰੇਸਨ ਹੋਈ |
ਇਸ ਮੌਕੇ ਹਾਜ਼ਰ ਆਂਗਣਵਾੜੀ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਘਰ-ਘਰ ਜਾ ਕੇ ਔਰਤਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਫਾਰਮ ਭਰਨ ਵਿੱਚ ਹਰ ਸੰਭਵ ਮਦਦ ਕਰਨਗੀਆਂ। ਪਿੰਡ ਵਾਸੀਆਂ ਅਤੇ ਖਾਸ ਕਰਕੇ ਮਹਿਲਾਵਾਂ ਨੇ ਇਸ ਸਕੀਮ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਇਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੇ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਪੰਚਾਇਤ ਲਈ ਮਾਣ ਵਾਲੀ ਗੱਲ ਹੈ ਕਿ ਇਸ ਸਕੀਮ ਦਾ ਹਰ ਔਰਤ ਨੂੰ ਲਾਭ ਦੇਣ ਲਈ ਪੰਚ ਰਾਜਵੀਰ ਕੌਰ ਅਤੇ ਹਰਵਿੰਦਰ ਕੌਰ ਨੂੰ ਜਿੰਮੇਵਾਰੀ ਦਿੱਤੀ ਗਈ ਹੈ । ਇਸ ਮੌਕੇ ਆਗਣਵਾੜੀ ਵਰਕਰ ਸੁਖਪਾਲ ਕੌਰ , ਕਿਰਨਪਾਲ ਕੌਰ , ਜਸਵੀਰ ਕੌਰ, ਜਸਵਿੰਦਰ ਕੌਰ , ਪਰਮਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
- Download Babushahi App
-
-