ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਦੀ ਅਗਵਾਈ ’ਚ ਮਾਝੇ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 23 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਉਨ੍ਹਾਂ ਮੱਦਾਂ ਜੋ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਦੂਰ ਕਰਨ ਦਾ ਕਾਰਨ ਬਣਨਗੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰਚਾਰਕ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਂ ’ਤੇ ਬਣਾਏ ਗਏ ਇਸ ਕਾਨੂੰਨ ਵਿਚ ਕਸਟੋਡੀਅਨ ਸ਼ਬਦ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਦੋਸ਼ੀ ਠਹਿਰਾਏ ਜਾਣਾ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦਾ ਗਿਆ ਇਹ ਕਾਨੂੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ-ਘਰ ਅੰਦਰ ਧਰਮਸਾਲ ਦੇ ਸਿਧਾਂਤ ਵਿਰੁੱਧ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਵਿਧਾਨ ਸਭਾ ਵਿਚ ਪੇਸ਼ ਕਾਨੂੰਨ ਦਾ ਖਰੜਾ ਅੰਗਰੇਜ਼ੀ ਭਾਸ਼ਾ ਵਿਚ ਸੀ ਅਤੇ ਹੁਣ ਤੱਕ ਸਰਕਾਰ ਨੇ ਇਸ ਦਾ ਪੰਜਾਬੀ ਵਿਚ ਅਨੁਵਾਦ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਬੀਤੇ ਦਿਨ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਜਾਣਕਾਰੀ ਦੇਣ ਵਾਲਿਆਂ ਨੂੰ ਅੰਦਰ ਰੱਖ ਕੇ ਸਖ਼ਤ ਪੁਛਗਿੱਛ ਕੀਤੀ ਗਈ ਕਿ ਇਹ ਸੰਗਤਾਂ ਅੰਦਰ ਡਰ ਪੈਦਾ ਕਰਨ ਵਾਲਾ ਰੁਝਾਨ ਨਹੀਂ? ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦੇ ਇਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ੁੰਮੇਵਾਰੀ ਹੈ। ਉਨ੍ਹਾਂ 31 ਮਈ ਨੂੰ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਪ੍ਰਚਾਰਕ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।
ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਜਸਪਾਲ ਸਿੰਘ, ਇੰਚਾਰਜ ਸ. ਬਹਾਲ ਸਿੰਘ ਅਤੇ ਵੱਡੀ ਗਿਣਤੀ ’ਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਵੀ ਮੌਜੂਦ ਸਨ
- Download Babushahi App
-
-