ਨੌਜਵਾਨ ਪੀੜੀ ਨੂੰ ਗੁਰੂ ਬਾਣੀ, ਗੁਰਸਿੱਖੀ ਤੇ ਪੰਜਾਬੀ ਨਾਲ ਜੋੜਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਮਤਿ ਕੈਂਪ 1 ਜੂਨ ਤੋਂ : ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 26 ਮਈ 2026 :
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ ਅਤੇ ਇਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਪੰਜਵਾਂ ਗੁਰਮਤਿ ਕੈਂਪ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ 20-21 ਜੂਨ ਨੂੰ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤ ਕੀਤਾ ਜਾਵੇਗਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਸਿੱਖ ਬੱਚਿਆਂ ਨੂੰ ਗੁਰਸਿੱਖੀ ਰਹਿਤ ਮਰਿਆਦਾ, ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ, ਪੰਜਾਬੀ ਭਾਸ਼ਾ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸਿੱਖ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਸੰਸਕਾਰਾਂ ਅਤੇ ਧਾਰਮਿਕ ਮੁੱਲਾਂ ਨਾਲ ਜੋੜਨ ਵੱਲ ਇੱਕ ਬਹੁਤ ਮਹੱਤਵਪੂਰਨ ਉਪਰਾਲਾ ਹੈ।
ਉਨ੍ਹਾਂ ਦੱਸਿਆ ਕਿ ਇਹ ਗੁਰਮਤਿ ਕੈਂਪ 1 ਜੂਨ ਤੋਂ 19 ਜੂਨ ਤੱਕ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਵੱਖ-ਵੱਖ ਸਿੰਘ ਸਭਾਵਾਂ ਵਿੱਚ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਜਦੋਂ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਲਗਭਗ 4 ਹਜ਼ਾਰ ਵਿਦਿਆਰਥੀ ਇਸ ਦਾ ਹਿੱਸਾ ਬਣੇ ਸਨ, ਜੋ ਬਾਅਦ ਵਿੱਚ ਵੱਧ ਕੇ 12 ਹਜ਼ਾਰ ਅਤੇ ਫਿਰ 16 ਹਜ਼ਾਰ ਅਤੇ ਪਿਛਲੇ ਸਾਲ ਇਹ ਗਿਣਤੀ 20 ਹਜ਼ਾਰ ਸੀ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਬੱਚਿਆਂ ਵਿੱਚ ਗੁਰਮਤਿ ਕੈਂਪਾਂ ਪ੍ਰਤੀ ਲਗਾਤਾਰ ਦਿਲਚਸਪੀ ਵਧ ਰਹੀ ਹੈ ਅਤੇ ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰੀ ਉਮੀਦ ਹੈ ਕਿ ਕਰੀਬ 25 ਹਜ਼ਾਰ ਬੱਚੇ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣਗੇ।
ਸਰਦਾਰ ਕਾਲਕਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਗੁਰਮੁਖੀ, ਗੁਰਸਿੱਖ ਜੀਵਨ ਜਾਚ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਬਾਣੀ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ,ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਗੁਰਸਿੱਖ ਜੀਵਨ ਨਾਲ ਜੋੜਿਆ ਜਾ ਸਕੇ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਗੁਰਮਤਿ ਕੈਂਪਾਂ ਦਾ ਜ਼ਰੂਰ ਹਿੱਸਾ ਬਣਾਉਣ ਤਾਂ ਜੋ ਗੁਰਸਿੱਖੀ ਜੀਵਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਸਬੰਧੀ ਵਿਸ਼ੇਸ਼ ਪੁਸਤਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਵਿੱਚ 1000 ਤੋਂ ਵੱਧ ਵਲੰਟੀਅਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਹੋਏ ਹਨ, ਜੋ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸਰਦਾਰ ਜਸਪ੍ਰੀਤ ਸਿੰਘ ਕਰਮਸਰ ਪ੍ਰਧਾਨ ਧਰਮ ਪ੍ਰਚਾਰ ਕਮੇਟੀ, ਕਮੇਟੀ ਦੇ ਮੈਂਬਰਜ ਅਤੇ ਸਰਦਾਰ ਸੁਖਦੇਵ ਸਿੰਘ ਰਿਐਤ ਪ੍ਰਧਾਨ ਆਲ ਇੰਡੀਆ ਰਾਮਗੜੀਆ ਵਿਸ਼ਕਰਮਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਾਜਰ ਸਨ।
- Download Babushahi App
-
-