Breaking: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਅਤੇ ਪੁੱਤਰ 'ਤੇ ਕਾਤਲਾਨਾ ਹਮਲੇ ਖਿਲਾਫ ਧਰਨਾ 28 ਮਈ ਨੂੰ
ਅਸ਼ੋਕ ਵਰਮਾ
ਬਠਿੰਡਾ, 27ਮਈ 2026:-ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ ਦੋ ਵਿੱਚ ਵੋਟਾਂ ਪੈਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਭਾਜਪਾ ਜ਼ਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਉਹਨਾਂ ਦੇ ਪੁੱਤਰ ਦੀਨਵ ਸਿੰਗਲਾ ਸਮੇਤ ਭਾਜਪਾ ਵਰਕਰਾਂ 'ਤੇ ਕੀਤੇ ਗਏ ਕਾਤਲਾਨਾ ਹਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੋਰ ਧਿਰਾਂ ਦੇ ਸਹਿਯੋਗ ਨਾਲ 28 ਮਈ ਨੂੰ ਪੁਲਿਸ ਪ੍ਰਸ਼ਾਸਨ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਅੱਗੇ 10 ਵਜੇ ਸਵੇਰੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਹਮਲਾਵਰਾਂ ਤੇ ਸਖਤ ਕਾਰਵਾਈ ਕਰਵਾਉਣ ਲਈ ਦਿੱਤੇ ਜਾਣ ਵਾਲੇ ਇਸ ਧਰਨੇ ਵਿੱਚ ਸ਼ਹਿਰ ਦੀਆਂ ਧਾਰਮਿਕ ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵੀ ਸ਼ਮੂਲੀਅਤ ਕਰਨਗੀਆਂ।ਸਿੰਗਲਾ ਪਰਿਵਾਰ ਨੇ ਖਦਸ਼ਾ ਜਤਾਇਆ ਹੈ ਕਿ ਹੁਣ ਉਹਨਾਂ ਤੇ ਵੀ ਪੁਲਿਸ ਕੇਸ ਦਰਜ ਕਰ ਸਕਦੀ ਹੈ। ਉਹਨਾਂ ਕਿਹਾ ਕਿ ਐਡੀ ਵੱਡੀ ਘਟਨਾ ਹੋਣ ਦੇ ਬਾਵਜੂਦ ਕਥਿਤ ਤੌਰ ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਖਿਲਾਫ ਮਮੂਲੀ ਧਰਾਵਾਂ ਤਹਿਤ ਕੇਸ ਦਰਜ ਕਰਨਾ ਇਹ ਸਾਬਤ ਕਰਦਾ ਹੈ ਕਿ ਪੁਲਿਸ ਪ੍ਰਸ਼ਾਸ਼ਨ ਮੁਲਜਮਾਂ ਦਾ ਪੱਖ ਪੂਰ ਰਿਹਾ ਹੈ।
ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਜੀਵਨ ਕੁਮਾਰ, ਨੌਜਵਾਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ, ਕੈਮਿਸਟ ਐਸੋਸੀਏਸ਼ਨ ਦੇ ਆਗੂ ਅਸ਼ੋਕ ਕੁਮਾਰ ਬਾਲਿਆਂਵਾਲੀ ਸਮੇਤ ਵਪਾਰਕ ਆਗੂਆਂ ਤੇ ਰਾਜਨੀਤਿਕ ਆਗੂਆਂ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ ਉਹਨਾਂ ਦੇ ਸਪੁੱਤਰ ਦੀਨਵ ਸਿੰਗਲਾ ਸ਼ਹਿਰ ਦੇ ਸਨਮਾਨਿਤ ਵਿਅਕਤੀ ਹਨ ਪਰ ਉਹਨਾਂ ਤੇ ਇਸ ਤਰਾਂ ਕਾਤਲਾਨਾ ਹਮਲਾ ਕਰਨਾ ਨਿੰਦਣਯੋਗ ਕਾਰਵਾਈ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸਥਾਨਕ ਸਰਕਾਰ ਨਾਲ ਜੁੜੇ ਆਗੂ ਕਿਵੇਂ ਗੁੰਡਾਗਰਦੀ ਦਾ ਨੰਗਾ ਨਾਚ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੰਗਲਾ ਪਰਿਵਾਰ ਤੇ ਹਮਲਾ ਕਰਨ ਵਾਲੇ ਆਪ ਉਮੀਦਵਾਰ ਸਮੇਤ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਤੁਰੰਤ ਗਿਰਫਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹੁਣ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਸਮੇਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇਦੇ ਵੀ ਸ਼ਾਮਿਲ ਹੋਣਗੇ।
- Download Babushahi App
-
-