ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹੈਲਪ ਡੈਸਕ ਸਥਾਪਿਤ
ਅਸ਼ੋਕ ਵਰਮਾ
ਬਠਿੰਡਾ, 29 ਮਈ 2026 :ਪੰਜਾਬ ਦੇ ਵੱਖ-ਵੱਖ ਤਕਨੀਕੀ ਕਾਲਜਾਂ 'ਚ ਨਵੇਂ ਸੈਸ਼ਨ ਵਿੱਚ ਦਾਖਲੇ ਲਈ ਸੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਸ੍ਰੀਮਤੀ ਅਨੂਜਾ ਪੁਪਨੇਜਾ ਨੇ ਦੱਸਿਆ ਕਿ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜੋ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਾਖਲੇ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ।
ਉਹਨਾਂ ਦੱਸਿਆ ਕਿ ਕਾਲਜ ਵਿੱਚ ਸਿਵਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਆਰਕੀਟੈਕਚਰਲ ਅਸਿਸਟੈਂਟਸ਼ਿਪ, ਮਕੈਨੀਕਲ ਇੰਜੀਨੀਅਰਿੰਗ (ਪ੍ਰੋਡਕਸ਼ਨ), ਇਨਫਾਰਮੇਸ਼ਨ ਟੈਕਨੋਲੋਜੀ ਅਤੇ ਫਾਰਮੇਸੀ ਡਿਪਲੋਮਾ ਦੇ ਕੋਰਸ ਚੱਲ ਰਹੇ ਹਨ।
ਉਹਨਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦੋਂ ਕਿ ਆਈ.ਟੀ.ਆਈ. (ਦੋ ਸਾਲਾਂ), 12 ਵੀਂ ਵੋਕੇਸ਼ਨਲ ਅਤੇ 12 ਵੀਂ ਸਾਇੰਸ ਪਾਸ ਵਿਦਿਆਰਥੀ ਦੂਜੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ। ਇਸ ਤੋਂ ਇਲਾਵਾ 10+2 (ਸਾਇੰਸ) ਪਾਸ ਵਿਦਿਆਰਥੀ ਦੋ ਸਾਲਾਂ ਫਾਰਮੇਸੀ ਡਿਪਲੋਮਾ ਕੋਰਸ ਵਿਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਮੁਕਾਬਲੇ ਬਾਜ਼ੀ ਦੇ ਦੌਰ ਵਿੱਚ ਤਕਨੀਕੀ ਸਿੱਖਿਆ ਦਾ ਬਹੁਤ ਮਹੱਤਵਪੂਰਨ ਸਥਾਨ ਹੈ। ਇਹ ਕੋਰਸ ਹੁਨਰ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਦਯੋਗਿਕ ਅਤੇ ਡਿਜ਼ੀਟਲ ਯੁੱਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਦੇ ਹਨ। ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਲ-ਨਾਲ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦੇਣ ਲਈ ਸਟਾਫ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸੁਰੂ ਹੋ ਚੁੱਕੀ ਹੈ, ਜਿਸਦਾ ਚਾਹਵਾਨ ਵਿਦਿਆਰਥੀਆਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ 1985 ਤੋਂ ਲਗਾਤਾਰ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਅਤੇ ਕਾਲਜ ਨੂੰ ਉੱਤਰੀ ਭਾਰਤ ਦਾ ਦੋ ਵਾਰ ਆਉਟਸਟੈਂਡਿੰਗ ਪੋਲੀਟੈਕਨਿਕ ਕਾਲਜ ਅਤੇ ਇਕ ਵਾਰ ਬੈਸਟ ਪੋਲੀਟੈਕਨਿਕ ਕਾਲਜ ਦਾ ਐਵਾਰਡ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਸ੍ਰੀਮਤੀ ਨਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਲਈ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦਾ ਲਾਭ ਵੀ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਐੱਸ.ਸੀ. ਵਰਗ ਦੇ ਵਿਦਿਆਰਥੀਆਂ ਦੀ ਤਿੰਨ ਸਾਲਾਂ ਦੀ ਪੂਰੀ ਟਿਊਸ਼ਨ ਫੀਸ ਮੁਆਫ਼ ਕੀਤੀ ਜਾਂਦੀ ਹੈ ਅਤੇ ਸੀ. ਐੱਮ. ਸਕਾਲਰਸ਼ਿਪ ਸਕੀਮ ਤਹਿਤ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਦਸਵੀਂ/ਬਾਰ੍ਹਵੀਂ ਜਮਾਤ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਫੀਸ ਵਿੱਚ ਵਿਸ਼ੇਸ਼ ਛੂਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ AICTE ਦੁਆਰਾ ਦਿਤੀਆਂ ਜਾਣ ਵਾਲੀਆਂ ਵੱਖ-ਵੱਖ ਸਕਲਾਰਸ਼ਿਪ ਸਕੀਮਾਂ ਅਵੇਲ ਕਰਨ ਲਈ ਵੀ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇਹ ਯੋਜਨਾਵਾਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
- Download Babushahi App
-
-