Punjab Breaking: ਹਸਪਤਾਲ 'ਤੇ ਗ੍ਰਨੇਡ ਅਟੈਕ ਕਰਨ ਦੇ ਮਾਮਲੇ 'ਚ ਮਾਸਟਰਮਾਈਂਡ ਗ੍ਰਿਫ਼ਤਾਰ- DGP ਦਾ ਦਾਅਵਾ
ਮੁੱਢਲੀ ਪੁੱਛਗਿੱਛ 'ਚ ਵਿਦੇਸ਼ ਬੈਠੇ ਹੈਂਡਲਰ ਦਾ ਨਾਂ ਆਇਆ ਸਾਹਮਣੇ; ਪੂਰੇ ਨੈੱਟਵਰਕ ਨੂੰ ਤੋੜਨ ਲਈ ਜਾਂਚ ਤੇਜ਼
Babushahi Network
ਗੁਰਦਾਸਪੁਰ, 2 June 2026- ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਦਿਆਂ ਦਾਅਵਾ ਕੀਤਾ ਕਿ, ਪੰਜਾਬ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਸਾਂਝੇ ਅਤੇ ਮੁਸਤੈਦ ਆਪਰੇਸ਼ਨ ਦੌਰਾਨ ਗੁਰਦਾਸਪੁਰ ਦੇ ਕਲਾਨੌਰ ਵਿਖੇ ਹਸਪਤਾਲ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਵਾਰਦਾਤ ਦੇ ਮਹਿਜ਼ 6 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਿਆ। ਪੁਲਿਸ ਨੇ ਇਸ ਹਮਲੇ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਘਟਨਾ ਤੋਂ ਤੁਰੰਤ ਬਾਅਦ ਹਰਕਤ ਵਿੱਚ ਆਈਆਂ ਸੁਰੱਖਿਆ ਏਜੰਸੀਆਂ ਨੇ ਤਕਨੀਕੀ ਜਾਂਚ (Technical Intelligence) ਅਤੇ Human Intelligence ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ। ਪੁਲਿਸ ਨੇ ਜਾਲ ਵਿਛਾ ਕੇ ਹਮਲੇ ਦੇ ਮੁੱਖ ਦੋਸ਼ੀ ਨੂੰ ਦਬੋਚ ਲਿਆ, ਜਿਸ ਨੇ ਕਲਾਨੌਰ ਵਿੱਚ ਗ੍ਰਨੇਡ ਹਮਲੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਡੀਜੀਪੀ ਨੇ ਦਾਅਵਾ ਕੀਤਾ ਕਿ, ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਇਹ ਵੱਡਾ ਖ਼ੁਲਾਸਾ ਹੋਇਆ ਹੈ ਕਿ ਇਸ ਹਮਲੇ ਦੇ ਤਾਰ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨਾਲ ਜੁੜੇ ਹੋਏ ਹਨ, ਜਿਸ ਦੇ ਇਸ਼ਾਰੇ 'ਤੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮਾਮਲੇ ਦੀ ਅਗਲੇਰੀ ਜਾਂਚ ਬਹੁਤ ਬਾਰੀਕੀ ਨਾਲ ਕੀਤੀ ਜਾ ਰਹੀ ਹੈ।
ਇਸ ਅੱਤਵਾਦੀ ਮਾਡਿਊਲ ਦੇ ਅੱਗੇ-ਪਿੱਛੇ ਦੇ ਸਾਰੇ ਸਬੰਧਾਂ (Forward and Backward Linkages) ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਇਸ ਹਮਲੇ ਦੇ ਪਿੱਛੇ ਸਰਗਰਮ ਪੂਰੇ ਨੈੱਟਵਰਕ ਦੀ ਪਛਾਣ ਕਰਕੇ ਉਸ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਟਵੀਟ ਕਰਕੇ ਸਾਂਝਾ ਕੀਤਾ ਹੈ ਕਿ ਉਹ ਸੂਬੇ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਤਹਿਸ-ਨਹਿਸ ਕਰਨ ਅਤੇ ਪੰਜਾਬ ਭਰ ਵਿੱਚ ਅਮਨ-ਕਾਨੂੰਨ, ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
- Download Babushahi App
-
-