ਨਸ਼ਾ ਤਸਕਰਾਂ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਪ੍ਰਹਾਰ --10 ਮੋਬਾਈਲ ਫੋਨਾਂ ਸਮੇਤ ਤਿੰਨ ਕਾਬੂ, ਕਈ ਮਾਮਲਿਆਂ ਵਿੱਚ ਰਹੇ ਹਨ ਸ਼ਾਮਲ
ਸੁਖਮਿੰਦਰ ਭੰਗੂ
ਲੁਧਿਆਣਾ 3 ਜੂਨ 2026
ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਟੀਮ ਨੇ ਤਿੰਨ ਸ਼ਾਤਿਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਮੋਬਾਈਲ ਫੋਨ ਤੇ ਇਕ ਆਟੋ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਕਈ ਅਪਰਾਧਿਕ ਮਾਮਲਿਆਂ ਵਿੱਚ ਪਹਿਲਾਂ ਵੀ ਨਾਮਜ਼ਦ ਰਹਿ ਚੁੱਕੇ ਹਨ।
ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋਸ਼ੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 10 ਮੋਬਾਈਲ ਫੋਨ ਬਰਾਮਦ ਹੋਏ, ਜਿਨ੍ਹਾਂ ਸਬੰਧੀ ਉਹ ਕੋਈ ਠੋਸ ਸਬੂਤ ਜਾਂ ਮਲਕੀਅਤ ਦੇ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਵ8ਕੇ ਕੁਮਾਰ , ਜਸਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਤਿੰਨਾਂ ਖ਼ਿਲਾਫ਼ ਪਹਿਲਾਂ ਵੀ ਚੋਰੀ, ਲੁੱਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਦਾ ਮੰਨਣਾ ਹੈ ਕਿ ਬਰਾਮਦ ਕੀਤੇ ਮੋਬਾਈਲ ਫੋਨ ਚੋਰੀ ਜਾਂ ਹੋਰ ਗੈਰਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਹੋ ਸਕਦੇ ਹਨ।
ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਮੋਬਾਈਲ ਫੋਨਾਂ ਦਾ ਸਬੰਧ ਕਿਸ-ਕਿਸ ਘਟਨਾ ਨਾਲ ਹੈ।
ਲੁਧਿਆਣਾ ਪੁਲਿਸ ਦੀ ਇਸ ਕਾਰਵਾਈ ਨੂੰ ਸ਼ਹਿਰ ਵਿੱਚ ਅਪਰਾਧ 'ਤੇ ਨਕੇਲ ਕੱਸਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
- Download Babushahi App
-
-