ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ, ਦੁਰਗਿਆਣਾ ਮੰਦਰ ਬਾਹਰ ਪੁਲਿਸ ਦਾ ਫਲੈਗ ਮਾਰਚ
ਧਮਕੀ ਭਰੇ ਪੱਤਰ ਮਾਮਲੇ ਮਗਰੋਂ ਦੁਰਗਿਆਣਾ ਮੰਦਰ ਦੀ ਸੁਰੱਖਿਆ ਵਧਾਈ, ਪੈਰਾਮਿਲਟਰੀ ਫੋਰਸ ਤਾਇਨਾਤ
ਘੱਲੂਘਾਰਾ ਹਫ਼ਤੇ ਦੌਰਾਨ ਹਾਈ ਅਲਰਟ, ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਤੇ ਨਾਕਾਬੰਦੀ ਜਾਰੀ: ਡੀਸੀਪੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 4 ਜੂਨ 2026-
ਅੰਮ੍ਰਿਤਸਰ ਵਿੱਚ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਅਤੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸੇ ਤਹਿਤ ਦੁਰਗਿਆਣਾ ਮੰਦਰ ਦੇ ਬਾਹਰ ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀਪੀ ਵਿਜੇ ਆਲਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਮੰਗਵਾਈ ਗਈ ਵਾਧੂ ਫੋਰਸ ਅਤੇ ਪੈਰਾਮਿਲਟਰੀ ਬਲਾਂ ਦੀਆਂ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਈਟੀਬੀਪੀ, ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੌਵੀ ਘੰਟੇ ਡਿਊਟੀ ਨਿਭਾ ਰਹੇ ਹਨ।ਡੀਸੀਪੀ ਨੇ ਕਿਹਾ ਕਿ ਪੰਜਾਬ ਦੇ ਪੰਜ ਮੰਦਰਾਂ ਨੂੰ ਮਿਲੀ ਧਮਕੀ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਗਿਆ ਹੈ, ਜਿਨ੍ਹਾਂ ਵਿੱਚ ਦੁਰਗਿਆਣਾ ਮੰਦਰ ਵੀ ਸ਼ਾਮਲ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭੇਜਣ ਵਾਲਿਆਂ ਤੱਕ ਪਹੁੰਚਣ ਲਈ ਤਕਨੀਕੀ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਭਰ ਵਿੱਚ ਨਾਕਾਬੰਦੀ, ਵਾਹਨਾਂ ਦੀ ਚੈਕਿੰਗ, ਪੈਟਰੋਲਿੰਗ ਅਤੇ ਪੀਸੀਆਰ ਟੀਮਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਮੰਦਰਾਂ ਅਤੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।ਡੀਸੀਪੀ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਖੁਦ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।
- Download Babushahi App
-
-