ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ
ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਮਹਿਤਾ ਚੌਂਕ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ
ਅੰਮ੍ਰਿਤਸਰ 6 ਜੂਨ,2026
ਦਮਦਮੀ ਟਕਸਾਲ (ਜੱਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰ੍ਹਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ, ਵੀਹਵੀਂ ਸਦੀ ਦੇ ਮਹਾਨ ਜਰਨੈਲ, ਪੰਥ ਰਤਨ, ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਂਵਾਲਿਆਂ ਅਤੇ ਉਹਨਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਹੈਡ ਕੁਆਟਰ ਦਮਦਮੀ ਟਕਸਾਲ ਮਹਿਤਾ, ਅੰਮ੍ਰਿਤਸਰ ਵਿਖੇ 42ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਥ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚਾਹੇ ਇਸ ਲਈ ਮੋਰਚੇ ਲਗਾਉਣੇ ਪੈਣ ਜਾਂ ਕਾਨੂੰਨੀ ਲੜਾਈ ਲੜਨੀ ਪਵੇ, ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਇੱਕ ਮੰਚ 'ਤੇ ਆ ਕੇ ਇਹ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਵੱਡਾ ਉਪਰਾਲਾ ਸ਼ੁਰੂ ਕੀਤਾ ਜਾਂਦਾ ਹੈ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਭ ਤੋਂ ਅੱਗੇ ਖੜ੍ਹ ਕੇ ਆਪਣਾ ਯੋਗਦਾਨ ਪਾਵੇਗੀ । ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ 35-35 ਸਾਲ ਜੇਲ੍ਹਾਂ ਵਿੱਚ ਰਹਿ ਕੇ ਸਿੱਖ ਕੌਮ ਲਈ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਅਤੇ ਉਨ੍ਹਾਂ ਦੀ ਰਿਹਾਈ ਲਈ ਯਤਨ ਕਰਨਾ ਸਮੁੱਚੇ ਪੰਥ ਦਾ ਫਰਜ਼ ਹੈ।
ਸਰਦਾਰ ਕਾਲਕਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਧਰਮ ਪਰਿਵਰਤਨ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਧਰਮਾਂ ਦੇ ਪ੍ਰਚਾਰਕ ਹਜ਼ਾਰਾਂ ਦੀ ਗਿਣਤੀ ਵਿੱਚ ਆਪਣਾ ਪ੍ਰਚਾਰ ਕਰ ਸਕਦੇ ਹਨ ਤਾਂ ਸਿੱਖ ਕੌਮ ਕੋਲ ਤਾਂ ਗੁਰੂ ਸਾਹਿਬਾਨ ਦੀਆਂ ਬੇਮਿਸਾਲ ਕੁਰਬਾਨੀਆਂ, ਸ਼ਹਾਦਤਾਂ ਅਤੇ ਮਾਣਮੱਤਾ ਇਤਿਹਾਸ ਹੈ, ਜਿਸ ਨੂੰ ਘਰ-ਘਰ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਸਮੇਤ ਸਿੱਖ ਇਤਿਹਾਸ ਦੀਆਂ ਮਹਾਨ ਸ਼ਹਾਦਤਾਂ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨਾਂ ਕਿਹਾ ਕਿ ਜੇਕਰ ਸਿੱਖ ਇਤਿਹਾਸ ਦੀ ਰੂਹ ਨੌਜਵਾਨਾਂ ਦੇ ਦਿਲਾਂ ਵਿੱਚ ਵਸਾ ਦਿੱਤੀ ਜਾਵੇ ਤਾਂ ਕੋਈ ਵੀ ਸਿੱਖ ਪਰਿਵਾਰ ਸਿੱਖੀ ਤੋਂ ਦੂਰ ਨਹੀਂ ਹੋ ਸਕਦਾ।
ਉਨ੍ਹਾਂ ਦਮਦਮੀ ਟਕਸਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਪੰਥਕ ਸੰਸਥਾਵਾਂ ਨੂੰ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਾਂਝੀ ਪ੍ਰਭਾਵਸ਼ਾਲੀ ਵਿਉਂਤਬੰਦੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣਾ ਕੰਮ ਕਰਦੀਆਂ ਰਹਿਣਗੀਆਂ, ਪਰ ਪੰਥਕ ਸੰਸਥਾਵਾਂ ਦਾ ਮੁੱਖ ਜ਼ਿੰਮੇਂਵਾਰੀ ਸਿੱਖੀ ਦੇ ਸਿਧਾਂਤਾਂ, ਇਤਿਹਾਸ ਅਤੇ ਵਿਰਾਸਤ ਦੀ ਰਾਖੀ ਕਰਨਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਜੇਕਰ ਸਾਰੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋ ਕੇ ਕੰਮ ਕਰਨ ਤਾਂ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਭਾਰਤ ਵਿੱਚ ਖਾਲਸੇ ਦੀ ਚੜ੍ਹਦੀ ਕਲਾ ਅਤੇ ਸਿੱਖੀ ਦੀ ਗੂੰਜ ਹੋਰ ਮਜ਼ਬੂਤ ਹੋ ਸਕਦੀ ।
ਉਨ੍ਹਾਂ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਸ਼ਹੀਦ ਪਰਿਵਾਰਾਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ। ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮਾਗਮ ਲਈ ਸੱਦਾ ਦਿੱਤਾ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨ ਦਾ ਮੌਕਾ ਦਿੱਤਾ ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਭੁਪਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਬੱਬਰ ਅਤੇ ਮਨਜੀਤ ਸਿੰਘ ਭੋਮਾ ਸਮੇਤ ਵੱਡੀ ਗਿਣਤੀ ਵਿੱਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਹਾਜ਼ਰੀਆਂ ਭਰ ਕੇ ਸੰਤਾਂ, ਮਹਾਂਪੁਰਖਾਂ, ਪੰਥਕ ਸ਼ਖਸ਼ੀਅਤਾਂ ਅਤੇ ਵੱਡੀ ਵਿੱਚ ਆਈਆਂ ਸੰਗਤਾਂ ਦੇ ਦਰਸ਼ਨ ਕਰ ਉਹਨਾਂ ਸੂਰਬੀਰ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
- Download Babushahi App
-
-