ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋ 9 ਜੂਨ ਤੋਂ ਲਗਾਤਾਰ ਧਰਨੇ ਦੇਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ,7 ਜੂਨ 2026 : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਫੈਸਲਾ ਕੀਤਾ ਹੈ। ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਗੁਰਪ੍ਰੀਤ ਸਿੰਘ ਢਿੱਲੋਂ,ਜਗਸੀਰ ਸਿੰਘ ਭੰਗੂ,ਹਰਜੀਤ ਸਿੰਘ ਢਿੱਲੋਂ,ਬਲਵਿੰਦਰ ਸਿੰਘ ਸੈਣੀ ਅਤੇ ਅਮਰਦੀਪ ਸਿੰਘ ਚਹਿਲ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਬਿਜਲੀ ਉਤਪਾਦਨ ਅਤੇ ਬਿਜਲੀ ਸਪਲਾਈ ਵਿੱਚ ਪਏ ਵਿਘਨ ਲਈ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਜਿੰਮੇਵਾਰ ਹੋਵੇਗੀ । ਆਗੂਆਂ ਨੇ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਇਸ ਸੰਘਰਸ਼ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ।
- Download Babushahi App
-
-