ਕੇਂਦਰੀ ਰਾਜ ਮੰਤਰੀ ਕਮਲੇਸ਼ ਪਾਸਵਾਨ ਤੋਂ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਦੀ ਮੰਗ
ਜਦੋਂ ਤੱਕ ਕੇਂਦਰ ਸਰਕਾਰ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਨਹੀਂ ਲਗਾਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ: ਅਸ਼ੋਕ ਬਾਲਿਆਂਵਾਲੀ
ਅਸ਼ੋਕ ਵਰਮਾ
ਬਠਿੰਡਾ, 9 ਜੂਨ 2026। ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਦੇ ਬਠਿੰਡਾ ਦੌਰੇ ਮੌਕੇ ਜ਼ਿਲ੍ਹਾ ਬਠਿੰਡਾ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਮੰਤਰੀ ਨਾਲ ਮੁਲਾਕਾਤ ਕਰਕੇ ਵਪਾਰਕ ਤੇ ਲੋਕ-ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ, ਹੋਲਸੇਲ ਯੂਨਿਟ ਦੇ ਪ੍ਰਧਾਨ ਕ੍ਰਿਸ਼ਨ ਗੋਇਲ, ਸਾਬਕਾ ਪ੍ਰਧਾਨ ਦਰਸ਼ਨ ਜੌੜਾ, ਗੁਰਜਿੰਦਰ ਸਿੰਘ ਸਾਹਨੀ ਅਤੇ ਰਾਕੇਸ਼ ਕਾਂਸਲ ਵੀ ਹਾਜ਼ਰ ਸਨ।
ਇਸ ਦੌਰਾਨ ਜ਼ਿਲ੍ਹਾ ਬਠਿੰਡਾ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਵੱਲੋਂ ਭੇਜਿਆ ਗਿਆ ਇੱਕ ਮਹੱਤਵਪੂਰਨ ਮੈਮੋਰੈਂਡਮ ਕੇਂਦਰੀ ਮੰਤਰੀ ਨੂੰ ਸੌਂਪਿਆ। ਵਫ਼ਦ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਮੈਮੋਰੈਂਡਮ ਵਿੱਚ ਉਠਾਏ ਗਏ ਮੁੱਦਿਆਂ ਨੂੰ ਸੰਸਦ ਅਤੇ ਸਬੰਧਤ ਵਿਭਾਗਾਂ ਅੱਗੇ ਪ੍ਰਮੁੱਖਤਾ ਨਾਲ ਰੱਖਿਆ ਜਾਵੇ, ਤਾਂ ਜੋ ਦੇਸ਼ ਭਰ ਦੇ ਲੱਖਾਂ ਕੈਮਿਸਟਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।
ਕੇਂਦਰੀ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਵਫ਼ਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਮੈਮੋਰੈਂਡਮ ਨੂੰ ਸਬੰਧਤ ਪੱਧਰ 'ਤੇ ਅੱਗੇ ਭੇਜਣਗੇ ਅਤੇ ਢੁੱਕਵੇਂ ਮੰਚ 'ਤੇ ਇਸ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕਰਨਗੇ।
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਦੇਸ਼ ਭਰ ਦੇ ਕੈਮਿਸਟ AIOCD ਦੀ ਅਗਵਾਈ ਹੇਠ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਨਲਾਈਨ ਪਲੇਟਫਾਰਮਾਂ ਰਾਹੀਂ ਕਈ ਤਰ੍ਹਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਵੀ ਆਸਾਨੀ ਨਾਲ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ ਨਾਲ ਗੰਭੀਰ ਖਿਲਵਾੜ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਇੱਕ ਸੰਵੇਦਨਸ਼ੀਲ ਵਿਸ਼ਾ ਹੈ, ਜਿਸ ਵਿੱਚ ਯੋਗ ਫਾਰਮਾਸਿਸਟਾਂ ਅਤੇ ਨਿਰਧਾਰਤ ਨਿਯਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਆਨਲਾਈਨ ਕਾਰੋਬਾਰ ਦੇ ਵਧਦੇ ਪ੍ਰਭਾਵ ਕਾਰਨ ਨਾ ਸਿਰਫ਼ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਦਵਾਈਆਂ ਦੀ ਗਲਤ ਵਰਤੋਂ ਅਤੇ ਦੁਰਵਰਤੋਂ ਦੀਆਂ ਸੰਭਾਵਨਾਵਾਂ ਵੀ ਵੱਧ ਰਹੀਆਂ ਹਨ।
ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਸਬੰਧੀ ਕੋਈ ਠੋਸ ਫੈਸਲਾ ਨਹੀਂ ਲੈਂਦੀ, ਉਦੋਂ ਤੱਕ ਦੇਸ਼ ਭਰ ਦੇ ਕੈਮਿਸਟਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ AIOCD ਵੱਲੋਂ ਸਮੇਂ-ਸਮੇਂ 'ਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
- Download Babushahi App
-
-