ਬਠਿੰਡਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ 36 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ, ਦੋ ਗ੍ਰਿਫਤਾਰ
ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ
ਅਸ਼ੋਕ ਵਰਮਾ
ਬਠਿੰਡਾ, 14 ਜੂਨ 2026 :ਬਠਿੰਡਾ ਪੁਲੀਸ ਨੇ ਪਿੰਡ ਬਾਜਕ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਮਹਿਜ਼ 36 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੋਬਿੰਦ ਸਿੰਘ ਉਰਫ਼ ਸ਼ਿੰਦਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਜੁਗਨੂੰ ਵਾਸੀ ਨੰਦਗੜ੍ਹ ਵਜੋਂ ਕੀਤੀ ਗਈ ਹੈ ਜਿਨ੍ਹਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ।ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਲੋਹੇ ਦੀ ਕੁਹਾੜੀ, ਇੱਕ ਦਾਤਰ-ਕਾਪਾ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਿਆ ਹੈ।
ਪੁਲੀਸ ਅਨੁਸਾਰ 10 ਜੂਨ ਨੂੰ ਰਣਜੀਤ ਸਿੰਘ ਵਾਸੀ ਪਿੰਡ ਬਾਜਕ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੰਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੈਬ ਸਿੰਘ, ਜੋ ਪਿੰਡ ਵਿੱਚ ਠੇਕੇ ’ਤੇ ਕੰਮ ਕਰਦੇ ਸਨ, ਦਾ 9-10 ਜੂਨ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।ਇਸ ਮਾਮਲੇ ਦਾ ਖੁਰਾ ਖੋਜ ਤਲਾਸ਼ਣ ਲਈ ਐੱਸ ਐੱਸ ਪੀ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਐੱਸ ਪੀ (ਇਨਵੈਸਟੀਗੇਸ਼ਨ) ਜਸਮੀਤ ਸਿੰਘ, ਡੀ ਐੱਸ ਪੀ (ਦਿਹਾਤੀ) ਹਰਵਿੰਦਰ ਸਿੰਘ ਸਰਾਂ ਅਤੇ ਡੀ ਐੱਸ ਪੀ ਸੰਦੀਪ ਭਾਟੀ ਦੀ ਨਿਗਰਾਨੀ ਵਿੱਚ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਨੇ ਤਕਨੀਕੀ ਸਾਧਨਾਂ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਦੀ ਮਦਦ ਨਾਲ ਦੋਵਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।
- Download Babushahi App
-
-