'ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਖੰਨਾ ਵਿੱਚ ਆਂਗਣਵਾੜੀ ਵਰਕਰਾਂ ਤੇ ਸਖ਼ੀਆਂ ਨੂੰ ਦਿੱਤੀ ਦੋ-ਰੋਜ਼ਾ ਸਿਖਲਾਈ
*ਐਸ.ਡੀ.ਐਮ ਸਵਾਤੀ ਟਿਵਾਣਾ ਨੇ ਯੋਗ ਮਹਿਲਾਵਾਂ ਦੀ ਸਮਾਂਬੱਧ ਰਜਿਸਟ੍ਰੇਸ਼ਨ ’ਤੇ ਦਿੱਤਾ ਜ਼ੋਰ*
*‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ‘ਹਰ ਯੋਗ ਮਹਿਲਾ ਤੱਕ ਲਾਭ ਪਹੁੰਚਾਉਣਾ ਸਰਕਾਰ ਦਾ ਟੀਚਾ’ — ਸਵਾਤੀ ਟਿਵਾਣਾ*
ਖੰਨਾ, ਰਵਿੰਦਰ ਢਿੱਲੋਂ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਸਬ ਡਿਵੀਜ਼ਨ ਖੰਨਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਸਖੀਆਂ ਨੂੰ ਯੋਜਨਾ ਦੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਸਬੰਧੀ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ ਐਮੀਨੈਂਸ, ਖੰਨਾ ਵਿਖੇ ਦੋ-ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਨ ਕੀਤਾ ਗਿਆ।
ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਉਪ ਮੰਡਲ ਮਜਿਸਟਰੇਟ ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਹਰੇਕ ਯੋਗ ਮਾਂ ਤੇ ਧੀ ਤੱਕ ਪਹੁੰਚਾਉਣ ਲਈ ਸਹੀ ਤੇ ਸਮਾਂਬੱਧ ਰਜਿਸਟ੍ਰੇਸ਼ਨ ਬਹੁਤ ਜ਼ਰੂਰੀ ਹੈ। ਇਸ ਕੰਮ ਵਿੱਚ ਆਂਗਣਵਾੜੀ ਵਰਕਰਾਂ ਅਤੇ ਸਖੀਆਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ।
ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਇਸਦਾ ਲਾਭ ਲੈ ਸਕਣ। ਰਜਿਸਟ੍ਰੇਸ਼ਨ ਸਿਖਲਾਈ ਵਰਕਸ਼ਾਪ ਵਿੱਚ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਦੇਣ ਲਈ ਮਹਿਲਾਵਾਂ ਤੋਂ ਲੋੜੀਂਦੇ ਦਸਤਾਵੇਜ਼ ਲੈਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਸਰਕਾਰ ਦਾ ਮਕਸਦ ਹੈ ਕਿ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ ਅਤੇ ਕਿਸੇ ਨੂੰ ਵੀ ਇਸ ਤੋਂ ਵਾਂਝਾ ਨਾ ਰਹਿਣਾ ਪਵੇ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਜੁੜੀਆਂ ਮਹਿਲਾਵਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ ਉਹਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਵੇਗਾ, ਸਗੋਂ ਉਹਨਾਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਆਤਮ-ਵਿਸ਼ਵਾਸ ਨਾਲ ਜੀਣ ਦਾ ਮੌਕਾ ਮਿਲੇਗਾ। ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਨਾਲ ਮਹਿਲਾਵਾਂ ਦੀ ਭਾਗੀਦਾਰੀ ਅਤੇ ਸਸ਼ਕਤੀਕਰਨ ਨੂੰ ਹੋਰ ਬਲ ਮਿਲੇਗਾ।
- Download Babushahi App
-
-