ਠੇਕਾ ਮੁਲਾਜ਼ਮਾਂ ਵੱਲੋਂ ਧਰਨੇ ਦੇ ਸੱਤਵੇਂ ਦਿਨ ਮੰਗ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 15 ਜੂਨ 2026: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 9 ਜੂਨ ਤੋਂ ਪਰਿਵਾਰਾਂ ਸਮੇਤ ਸ਼ੁਰੂ ਕੀਤੇ ਧਰਨੇ ਦੇ ਸੱਤਵੇਂ ਦਿਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਠੇਕਾ ਮੁਲਾਜ਼ਮ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ ਗੁਰਪ੍ਰੀਤ ਸਿੰਘ ਗੁਰੂਸਰ,ਪਰਮਜੀਤ ਸਿੰਘ ਮਹਿਰਾਜ,ਗੁਰਜੰਟ ਸਿੰਘ ਬਾਲਿਆਂਵਾਲੀ,ਲਛਮਣ ਸਿੱਧੂ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੱਲਬਾਤ ਦੌਰਾਨ ਬਣੀ ਸਹਿਮਤੀ ਦੇ ਬਾਵਜੂਦ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਕਮ ਧਿਰ ਆਮ ਆਦਮੀ ਪਾਰਟੀ ਨੂੰ ਸਿਆਸੀ ਸੱਟ ਮਾਰਨਗੇ।ਦੂਜੇ ਪਾਸੇ ਥਰਮਲ ਦੇ 500 ਦੇ ਕਰੀਬ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਨੇੜੇ ਧਰਨਾ ਦੇਣ ਲਈ ਗਏ ਜਿੱਥੇ ਇਹਨਾਂ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜੰਮ ਕੇ ਭੰਡਿਆ ।ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਟੀ.ਐੱਸ.ਯੂ.ਤੋਂ ਅੰਗਰੇਜ਼ ਸਿੰਘ ਧੂਰਕੋਟ ਨੇ ਸੰਬੋਧਨ ਕੀਤਾ।
- Download Babushahi App
-
-