ਵਿਧਾਇਕ ਮਨਪ੍ਰੀਤ ਸਿੰਘ ਇਆਲੀ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼; ਬੋਲੇ- "ਹਰ ਆਦੇਸ਼ ਦੀ ਕਰਾਂਗਾ ਪਾਲਣਾ"
ਬੇਅਦਬੀ ਸਬੰਧੀ ਕਾਨੂੰਨਾਂ ਦੇ ਮਾਮਲੇ 'ਚ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਵਿਧਾਇਕ ਇਆਲੀ ਦਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਰੇ ਸਿੱਖ ਵਿਧਾਇਕਾਂ ਨੂੰ ਕੀਤਾ ਸੀ ਤਲਬ
"ਸਰਕਾਰ ਟਕਰਾਅ ਦੀ ਨੀਤੀ ਛੱਡੇ"- ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਰਕਾਰ ਨੂੰ ਘੇਰਿਆ
Babushahi Network
ਚੰਡੀਗੜ੍ਹ, 19 ਜੂਨ 2026- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਇਆਲੀ ਨੇ ਸਪੱਸ਼ਟ ਕੀਤਾ ਹੈ ਕਿ ਉਹ 29 ਜੂਨ ਨੂੰ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ ਅਤੇ ਇੱਕ ਨਿਮਾਣੇ ਸਿੱਖ ਵਜੋਂ ਉੱਥੋਂ ਆਉਣ ਵਾਲੇ ਹਰ ਇੱਕ ਆਦੇਸ਼ ਅਤੇ ਫੈਸਲੇ ਦੀ ਇੰਨ-ਬਿੰਨ ਪਾਲਣਾ ਕਰਨਗੇ। ਵਿਧਾਇਕ ਇਆਲੀ ਨੇ ਮੌਜੂਦਾ ਸਰਕਾਰ 'ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੰਭੀਰ ਅਤੇ ਪੰਥਕ ਮਸਲਿਆਂ 'ਤੇ ਟਕਰਾਅ ਦੀ ਨੀਤੀ ਤਿਆਗ ਦੇਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਰਗੇ ਨਾਜ਼ੁਕ ਮਾਮਲਿਆਂ ਵਿੱਚ ਸਖ਼ਤ ਕਾਨੂੰਨਾਂ ਦੀ ਪਾਲਣਾ ਅਤੇ ਇਨਸਾਫ਼ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ, ਨਾ ਕਿ ਇਸ 'ਤੇ ਸਿਆਸੀ ਟਕਰਾਅ ਪੈਦਾ ਕਰਨਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
- Download Babushahi App
-
-