ਮੰਤਰੀ ਡਾ. ਰਵਜੋਤ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ
ਸੰਤ ਨਿਰੰਜਣ ਦਾਸ ਨਾਲ ਕੀਤੀ ਮੁਲਾਕਾਤ, ਪਦਮ ਸ਼੍ਰੀ ਸਨਮਾਨ ਮਿਲਣ ’ਤੇ ਦਿੱਤੀ ਵਧਾਈ
ਹੁਸ਼ਿਆਰਪੁਰ, 29 ਜੂਨ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਦੇ ਮੁਖੀ ਸੰਤ ਮਹਾਰਾਜ ਨਿਰੰਜਣ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਲਈ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਜਾਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਨੂੰ ਮਿਲਿਆ ਇਹ ਵੱਕਾਰੀ ਸਨਮਾਨ ਨਾ ਸਿਰਫ਼ ਡੇਰਾ ਸੱਚਖੰਡ ਬੱਲਾਂ ਲਈ, ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਲਈ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਰਾਜ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ, ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜ ਸਮਾਜ ਨੂੰ ਇੱਕ ਨਵੀਂ ਦਿਸ਼ਾ ਅਤੇ ਪ੍ਰੇਰਣਾ ਪ੍ਰਦਾਨ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਹਮੇਸ਼ਾ ਹੀ ਸਮਾਜ ਵਿੱਚ ਏਕਤਾ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦੇਣ ਲਈ ਜਾਣਿਆ ਜਾਂਦਾ ਰਿਹਾ ਹੈ। ਸੰਤ ਨਿਰੰਜਣ ਦਾਸ ਜੀ ਦੀ ਰਹਿਨੁਮਾਈ ਹੇਠ ਸਿੱਖਿਆ, ਸਿਹਤ, ਸਮਾਜਿਕ ਭਲਾਈ ਅਤੇ ਮਨੁੱਖੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਦੇਸ਼-ਵਿਦੇਸ਼ ਵਿੱਚ ਸ਼ਲਾਘਾ ਹੁੰਦੀ ਹੈ, ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦਾ ਸਨਮਾਨ ਹੋਣਾ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਸੰਤ ਨਿਰੰਜਣ ਦਾਸ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਕੈਪਸ਼ਨ-ਸੰਤ ਨਿਰੰਜਣ ਦਾਸ ਮਹਾਰਾਜ ਨਾਲ ਮੁਲਾਕਾਤ ਸਮੇਂ ਮੰਤਰੀ ਡਾ. ਰਵਜੋਤ ਸਿੰਘ।
- Download Babushahi App
-
-