ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਆਯੋਜਨ
ਮਨਪ੍ਰੀਤ ਸਿੰਘ
ਰੂਪਨਗਰ, 11 ਜੁਲਾਈ:
ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਰੈਲੀ ਕੱਢੀ ਗਈ, ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧ ਰਹੀ ਆਬਾਦੀ ਦੇ ਪ੍ਰਭਾਵਾਂ ਅਤੇ ਪਰਿਵਾਰ ਨਿਯੋਜਨ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ। ਰੈਲੀ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਹੱਥਾਂ ਵਿੱਚ ਜਾਗਰੂਕਤਾ ਸੰਦੇਸ਼ ਵਾਲੇ ਤਖਤੀਆਂ ਫੜ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ, "ਛੋਟਾ ਪਰਿਵਾਰ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ।"
ਇਸ ਮੌਕੇ ਡਾ. ਰਮਨ ਕੁਮਾਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਹ ਮੁਹਿੰਮ 11 ਜੁਲਾਈ ਤੋਂ 18 ਜੁਲਾਈ ਤੱਕ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਰੈਲੀਆਂ, ਕੈਂਪ, ਸੈਮੀਨਾਰ ਅਤੇ ਕੌਂਸਲਿੰਗ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਾਧਨਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਇਸ ਸਾਲ ਦੀ ਥੀਮ ਹੈ, ਜਿਸ ਦੇ ਅਧੀਨ ਲੋਕਾਂ ਨੂੰ ਦੋ ਬੱਚਿਆਂ ਵਿੱਚ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਵਧੀਆ ਰਹਿੰਦੀ ਹੈ ਅਤੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਸਥਿਤੀ ਵੀ ਮਜ਼ਬੂਤ ਹੁੰਦੀ ਹੈ।
ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਿਵਾਰ ਨਿਯੋਜਨ ਸਿਰਫ਼ ਆਬਾਦੀ ਨਿਯੰਤਰਣ ਲਈ ਹੀ ਨਹੀਂ, ਸਗੋਂ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰੀ ਸਿਹਤ ਕੇਂਦਰਾਂ ਤੋਂ ਮੁਫ਼ਤ ਉਪਲਬਧ ਪਰਿਵਾਰ ਨਿਯੋਜਨ ਸੇਵਾਵਾਂ ਦਾ ਲਾਭ ਲੈਣ।
ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਪਰਿਵਾਰ ਨਿਯੋਜਨ ਦੇ ਸਾਧਨਾਂ ਨੂੰ ਅਪਣਾ ਕੇ ਆਪਣੇ ਪਰਿਵਾਰ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਵਿੱਚ ਯੋਗਦਾਨ ਪਾਉਣ।
ਇਸ ਦੌਰਾਨ ਡਾ. ਉਰਮਿਲਾ ਗਰਗ (ਡਿਪਟੀ ਮੈਡੀਕਲ ਕਮਿਸ਼ਨਰ), ਡਾ. ਅਮਰਜੀਤ ਸਿੰਘ (ਸੀਨੀਅਰ ਮੈਡੀਕਲ ਅਫਸਰ), ਸ਼੍ਰੀ ਕਮਲਜੀਤ ਸਿੰਘ ਸਮੇਤ ਦਫ਼ਤਰੀ ਸਟਾਫ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ।
- Download Babushahi App
-
-