ਚਾਰ ਦਿਨ ਹੜਤਾਲ ਦੇ, ਫਿੱਟੇ ਮੂੰਹ ਸਰਕਾਰ ਦੇ – ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ
ਦੀਪਕ ਜੈਨ
ਜਗਰਾਉਂ, 11 ਜੁਲਾਈ
: ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਪੂਰੇ ਜੋਸ਼ ਅਤੇ ਏਕਤਾ ਨਾਲ ਜਾਰੀ ਰਹੀ। ਨਗਰ ਕੌਂਸਲ ਜਗਰਾਉਂ ਦੇ ਸਮੂਹ ਮਿਉਂਸਪਲ ਕਾਮਿਆਂ, ਸਫਾਈ ਸੇਵਕਾਂ, ਸੀਵਰਮੈਨਾਂ, ਪੰਪ ਓਪਰੇਟਰਾਂ, ਫਾਇਰ ਬ੍ਰਿਗੇਡ ਡਰਾਈਵਰਾਂ, ਮਾਲੀਆਂ ਅਤੇ ਬੇਲਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ।
ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਫੁੱਟ ਪਾਉਣ ਦੀ ਕੋਸ਼ਿਸ਼ ਨੂੰ ਕਾਮੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਸਮੂਹ ਮਿਉਂਸਪਲ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਰਹਿ ਕੇ ਆਪਣੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ।
ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸੈਕਟਰੀ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਬਿਕਰਮ ਗਿੱਲ, ਸੁਖਵਿੰਦਰ ਸਿੰਘ ਖੋਸਲਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਪੰਪ ਓਪਰੇਟਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਲਖਵੀਰ ਸਿੰਘ, ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਫਾਇਰ ਬ੍ਰਿਗੇਡ ਦੇ ਪ੍ਰਧਾਨ ਭਗਤ ਸਿੰਘ ਸਮੇਤ ਸਮੂਹ ਮਿਉਂਸਪਲ ਕਾਮੇ ਹਾਜ਼ਰ ਸਨ।
ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅਣਮਿੱਥੇ ਸਮੇਂ ਦੀ ਹੜਤਾਲ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗੀ।
- Download Babushahi App
-
-