ਭਿੱਖੀਵਿੰਡ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਮੋਟਰਸਾਈਕਲ ਮਾਰਚ; SDM ਨੂੰ ਸੌਂਪਿਆ ਮੰਗ ਪੱਤਰ
ਬਲਜੀਤ ਸਿੰਘ
ਭਿੱਖੀਵਿੰਡ (ਤਰਨਤਾਰਨ), 15 ਜੁਲਾਈ 2026-ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਅੱਜ ਭਿੱਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਇੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਦੀ ਯੋਗ ਅਗਵਾਈ ਹੇਠ ਇਕੱਠੇ ਹੋਏ ਸੈਂਕੜੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਰੋਸ ਮਾਰਚ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਆਖਿਆ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ ਅਤੇ ਆਮ ਲੋਕਾਂ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਿੱਧੇ ਤੌਰ 'ਤੇ ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਉੱਤੇ ਵੱਡਾ ਹਮਲਾ ਹੈ। ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਪੰਜਾਬ ਸਮੇਤ ਪੂਰੇ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਝੱਲਣਾ ਪਵੇਗਾ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਇਸ ਕਾਰਪੋਰੇਟ ਪੱਖੀ ਸਮਝੌਤੇ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਦੇਸ਼ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਸ ਸਮਝੌਤੇ ਦੇ ਫੈਸਲੇ ਨੂੰ ਰੱਦ ਕਰੇ।
ਮੰਗ ਪੱਤਰ ਲੈਣ ਪਹੁੰਚੇ ਐਸ.ਡੀ.ਐਮ. ਜਗਦੀਪ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਥੇਬੰਦੀ ਵੱਲੋਂ ਸੌਂਪੀਆਂ ਗਈਆਂ ਮੰਗਾਂ ਅਤੇ ਮੰਗ ਪੱਤਰ ਨੂੰ ਬਿਨਾਂ ਕਿਸੇ ਦੇਰੀ ਦੇ ਉੱਚ ਅਧਿਕਾਰੀਆਂ ਰਾਹੀਂ ਕੇਂਦਰ ਅਤੇ ਸੂਬਾ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਮੋਟਰਸਾਈਕਲ ਮਾਰਚ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਜਥੇਬੰਦੀ ਦੇ ਸਰਗਰਮ ਆਗੂ ਸ਼ਾਮਲ ਸਨ, ਜਿਨ੍ਹਾਂ ਨੇ ਹੱਥਾਂ ਵਿੱਚ ਯੂਨੀਅਨ ਦੇ ਝੰਡੇ ਲੈ ਕੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
- Download Babushahi App
-
-