ਲੁਧਿਆਣਾ ਪੁਲਿਸ ਦੀ ਵੱਡੀ ਕਾਮਯਾਬੀ: 03 ਵਾਹਨ ਚੋਰ ਕਾਬੂ, 08 ਚੋਰੀਸ਼ੁਦਾ ਵਾਹਨ ਬਰਾਮਦ
– ਪੁਲਿਸ ਰਿਮਾਂਡ ਦੌਰਾਨ ਖੁਲਾਸੇ, 06 ਮੋਟਰਸਾਈਕਲ ਅਤੇ 02 ਐਕਟਿਵਾ ਕੀਤੀਆਂ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ, 15 ਜੁਲਾਈ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਤਿੰਨ ਸ਼ਾਤਿਰ ਵਾਹਨ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 06 ਚੋਰੀਸ਼ੁਦਾ ਮੋਟਰਸਾਈਕਲ ਅਤੇ 02 ਐਕਟਿਵਾ ਬਰਾਮਦ ਕੀਤੀਆਂ ਹਨ।
ਇਹ ਕਾਰਵਾਈ ਸਵਪਨ ਸ਼ਰਮਾ, ਆਈ.ਪੀ.ਐਸ., ਕਮਿਸ਼ਨਰ ਪੁਲਿਸ ਲੁਧਿਆਣਾ, ਦੇਵ ਸਿੰਘ, ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਜ਼ੋਨ-3) ਅਤੇ ਸਰਬਜੀਤ ਸਿੰਘ ਚੀਮਾ, ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ (ਸਿਵਲ ਲਾਈਨ) ਦੀ ਅਗਵਾਈ ਹੇਠ ਕੀਤੀ ਗਈ।
ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਹਮਰਾਜ ਸਿੰਘ ਚੀਮਾ, ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ-5 ਦੀ ਅਗਵਾਈ ਹੇਠ ਪੁਲਿਸ ਪਾਰਟੀ 10 ਜੁਲਾਈ ਨੂੰ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਭਰੋਸੇਯੋਗ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸੁਨੀਲ ਕੁਮਾਰ ਉਰਫ਼ ਸੋਨੂੰ ਵਾਸੀ ਅਬਦੁਲਾਪੁਰ ਬਸਤੀ, ਜੋ ਪਹਿਲਾਂ ਵੀ ਵਾਹਨ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ, ਆਪਣੇ ਸਾਥੀਆਂ ਰੋਹਿਤ ਅਤੇ ਅਭਿਸ਼ੇਕ ਨਾਲ ਮਿਲ ਕੇ ਚੋਰੀਸ਼ੁਦਾ ਮੋਟਰਸਾਈਕਲ ਵੇਚਣ ਲਈ ਮਨਜੀਤ ਨਗਰ ਵੱਲ ਜਾ ਰਿਹਾ ਹੈ।
ਸੂਚਨਾ ਦੇ ਆਧਾਰ ’ਤੇ ਥਾਣਾ ਡਵੀਜ਼ਨ ਨੰਬਰ-5 ਵਿੱਚ ਮੁਕੱਦਮਾ ਨੰਬਰ 184 ਮਿਤੀ 10-07-2026 ਅਧੀਨ ਧਾਰਾ 303(2) ਬੀ.ਐਨ.ਐਸ. 2023 ਤਹਿਤ ਕੇਸ ਦਰਜ ਕਰਕੇ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਨੇ ਘੇਰਾਬੰਦੀ ਕਰਕੇ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸ਼ੁਰੂਆਤੀ ਜਾਂਚ ਦੌਰਾਨ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ।
ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਸਖ਼ਤ ਪੁੱਛਗਿੱਛ ਵਿੱਚ ਦੋਸ਼ੀਆਂ ਨੇ ਕਈ ਹੋਰ ਚੋਰੀਆਂ ਦਾ ਖੁਲਾਸਾ ਕੀਤਾ, ਜਿਸ ਦੇ ਆਧਾਰ ’ਤੇ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੇ ਗਏ 04 ਹੋਰ ਮੋਟਰਸਾਈਕਲ ਅਤੇ 02 ਐਕਟਿਵਾ ਵੀ ਬਰਾਮਦ ਕਰ ਲਈਆਂ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੇ ਪਿਛੋਕੜ ਅਤੇ ਉਨ੍ਹਾਂ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਸਬੰਧੀ ਜਾਂਚ ਜਾਰੀ ਹੈ। ਕਮਿਸ਼ਨਰੇਟ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧਿਕ ਅਨਸਰਾਂ ਖ਼ਿਲਾਫ਼ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
- Download Babushahi App
-
-