ਖੰਨਾ: ਮਨਰੇਗਾ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ; ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਕਾਰਨ ਕਈ ਜ਼ਖ਼ਮੀ
Ravinder Singh
ਖੰਨਾ, 15 ਜੁਲਾਈ 2026- ਪੰਜਾਬ ਦੇ ਖੰਨਾ ਵਿਖੇ ਸੂਬੇ ਦੇ ਕੈਬਨਿਟ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਮਨਰੇਗਾ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਤੇਜ਼ ਬੁਛਾੜਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ ਗਈ। ਇਸ ਹਿੰਸਕ ਟਕਰਾਅ ਵਿੱਚ 12 ਤੋਂ ਵੱਧ ਮਨਰੇਗਾ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਖੰਨਾ ਦੇ ਡੀ.ਐੱਸ.ਪੀ. ਵਿਨੋਦ ਕੁਮਾਰ ਵੀ ਅੱਥਰੂ ਗੈਸ ਦਾ ਗੋਲਾ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ।
ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਭਰ ਤੋਂ ਇਕੱਠੇ ਹੋਏ ਮਨਰੇਗਾ ਵਰਕਰ ਸਵੇਰ ਤੋਂ ਹੀ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿੱਚ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਇਕੱਤਰ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੈਬਨਿਟ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਸ਼ੁਰੂ ਕੀਤਾ। ਜਦੋਂ ਪ੍ਰਦਰਸ਼ਨਕਾਰੀ ਮੰਤਰੀ ਦੇ ਨਿਵਾਸ ਸਥਾਨ ਦੇ ਨੇੜੇ ਪਹੁੰਚੇ, ਤਾਂ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਕੋਲ ਉਨ੍ਹਾਂ ਨੂੰ ਰੋਕ ਲਿਆ ਗਿਆ।
ਜਿਵੇਂ ਹੀ ਵਰਕਰਾਂ ਨੇ ਬੈਰੀਕੇਡਾਂ ਨੂੰ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਉਨ੍ਹਾਂ 'ਤੇ ਤਾਕਤ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ। ਅਚਾਨਕ ਹੋਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਕਈ ਪ੍ਰਦਰਸ਼ਨਕਾਰੀ ਸੜਕ 'ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਜ਼ਖ਼ਮੀ ਮੁਲਾਜ਼ਮਾਂ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮਨਰੇਗਾ ਆਗੂਆਂ ਦਾ ਦੋਸ਼ ਕਿ, "ਪੁਲਿਸ ਅਧਿਕਾਰੀਆਂ ਨੇ ਸਾਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ, ਪਹਿਲਾਂ ਡਰਾਇਆ-ਧਮਕਾਇਆ ਅਤੇ ਫਿਰ ਬੇਰਹਿਮੀ ਨਾਲ ਸਾਡੀ ਕੁੱਟਮਾਰ ਕੀਤੀ। ਸਾਡਾ ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।"
- Download Babushahi App
-
-